ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਰਵਿੰਦਰ ਸਿੰਘ ਵਾਸੀ ਡੱਡੂਮਾਜਰਾ, ਕਰਨ ਕਪੂਰ ਵਾਸੀ ਮੁਹਾਲੀ ਅਤੇ ਜਾਵੇਦ ਝੀਂਝਾ ਵਾਸੀ ਫਾਜ਼ਿਲਕਾ ਦੇ ਨਾਮ ਸ਼ਾਮਲ ਹਨ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਨੂੰ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਬੁਲਾਰੇ ਅਨੁਸਾਰ ਲਾਰੈਂਸ ਬਿਸ਼ਨੋਈ ਤੇ ਲੱਕੀ ਪਟਿਆਲ ਗੈਂਗ ਤੇ ਇਨ੍ਹਾਂ ਦੇ ਵਿਦੇਸ਼ ’ਚ ਬੈਠੇ ਸਾਥੀ ਗੋਲਡੀ ਵੱਲੋਂ ਅਕਸਰ ਸ਼ਹਿਰ ਦੇ ਅਮੀਰ ਲੋਕਾਂ ਨੂੰ, ਵਪਾਰੀਆਂ ਨੂੰ, ਪ੍ਰਾਪਰਟੀ ਡਿਲਰ, ਬਿਲਡਰ, ਹੋਟਲ ਮਾਲਕ ਤੇ ਸ਼ਰਾਬ ਕਾਰੋਬਾਰੀਆਂ ਨੂੰ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੰਬਾਈ ਵਿੱਚ ਪ੍ਰਸਿੱਧ ਫਿਲਮੀ ਅਦਾਕਾਰ ਸਲਮਾਨ ਖਾਨ ਦੇ ਘਰ ’ਤੇ ਹਮਲਾ ਕਰਨ ਲਈ ਵੀ ਚੰਡੀਗੜ੍ਹ ਤੇ ਪੰਜਾਬ ਤੋਂ ਗੈਂਗਸਟਰਾਂ ਦੀ ਵਰਤੋਂ ਕੀਤੀ ਹੋ ਸਕਦੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਰਵਿੰਦਰ ਸਿੰਘ ਵਿਰੁੱਧ ਪਹਿਲਾਂ ਵੀ ਥਾਣਾ ਸੈਕਟਰ-36 ਵਿੱਚ ਇਕ ਕੇਸ ਦਰਜ ਹੈ, ਜਿਸ ਵੱਲੋਂ ਫਾਇਨਾਂਸ ਦਾ ਕੰਮ ਕੀਤਾ ਜਾਂਦਾ ਹੈ। ਮੁਲਜ਼ਮ ਕਰਨ ਕਪੂਰ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 8 ਕੇਸ ਦਰਜ ਹਨ। ਇਹ ਡੌਂਕੀ ਰਾਹੀਂ ਨੌਜਵਾਨਾਂ ਨੂੰ ਬਾਹਰ ਭੇਜਣ ਦਾ ਕੰਮ ਕਰਦਾ ਹੈ। ਜਾਵੇਦ ਝੀਂਝਾ ਵਿਰੁੱਧ ਚੰਡੀਗੜ੍ਹ ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਸੱਤ ਪੁਲੀਸ ਕੇਸ ਦਰਜ ਹਨ। ਇਹ ਹਵਾਲਾ ਰਾਹੀਂ ਪੈਸੇ ਇੱਧਰ-ਉੱਧਰ ਕਰਦਾ ਹੈ।