ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਅਪਰੈਲ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨੂੰ ਠੱਗਣ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਏਜੰਟਾਂ, ਗ਼ੈਰਕਾਨੂੰਨੀ ਕਲੋਨੀਆਂ ਕੱਟਣ ਤੇ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕੰਜਾ ਕੱਸਦਿਆਂ ਅਜਿਹੇ ਮਾਮਲਿਆਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਡੀਸੀ ਅਮਿਤ ਤਲਵਾੜ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ’ਚ ਧੜੱਲੇ ਨਾਲ ਚੱਲ ਰਹੇ ਅਣਅਧਿਕਾਰਤ ਇਮੀਗ੍ਰੇਸ਼ਨ ਦੇ ਕਾਰੋਬਾਰ ਅਤੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀਆਂ ਮਾਰਨ ਬਾਰੇ ਹੁਣ ਤੱਕ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਮੀਗ੍ਰੇਸ਼ਨ ਕੰਪਨੀ ਵਿਰੁੱਧ ਅਪਰਾਧਿਕ ਕੇਸ ਦਰਜ ਹੋਣ ਮਗਰੋਂ ਟਰੈਵਲ ਏਜੰਟ ਵੱਲੋਂ ਨਵੀਂ ਕੰਪਨੀ ਖੋਲ੍ਹਣ ਲਈ ਲਾਇਸੈਂਸ ਜਾਰੀ ਕਰਨ ਦਾ ਮੁੱਦਾ ਚੁੱਕੇ ਜਾਣ ’ਤੇ ਡੀਸੀ ਨੇ ਕਿਹਾ ਕਿ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਆਬਾਦੀ ਵੀ ਕਾਫ਼ੀ ਵਧ ਗਈ ਹੈ। ਡੀਸੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੈਂਡਿੰਗ ਕੰਮਾਂ ਦੀ ਸਮੀਖਿਆ ਕਰਕੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਹਾਲੇ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਕਾਇਮ ਰੱਖਣ ਲਈ ਪੁਲੀਸ ਨਾਲ ਮਿਲ ਕੇ ਠੋਸ ਕਦਮ ਚੁੱਕੇ ਜਾਣਗੇ।