* ਪੇਂਡੂ ਸੰਘਰਸ਼ ਕਮੇਟੀ, ਚੰਡੀਗੜ੍ਹ ਪੰਜਾਬੀ ਮੰਚ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਸਣੇ ਕਈ ਜਥੇਬੰਦੀਆਂ ਦੇ ਮੈਂਬਰਾਂ ਨੇ ਧਰਨੇ ਦਿੱਤੇ
ਕੁਲਦੀਪ ਸਿੰਘ
ਚੰਡੀਗੜ੍ਹ, 6 ਫ਼ਰਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਚੱਕਾ ਜਾਮ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਚੰਡੀਗੜ੍ਹ ਦੇ ਦਾਖਲਾ ਪੁਆਇੰਟਾਂ ’ਤੇ ਕਿਸਾਨਾਂ ਤੇ ਆਮ ਲੋਕਾਂ ਦੀ ਭੀੜ ਜੁੱਟ ਗਈ ਅਤੇ ਟ੍ਰੈਫ਼ਿਕ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਝੰਡੇ ਲਹਿਰਾਉਂਦਿਆਂ ਕਿਸਾਨ ਜਥੇਬੰਦੀਆਂ ਦੀ ਜੈ-ਜੈਕਾਰ ਕੀਤੀ। ਇਸੇ ਦੌਰਾਨ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਟ੍ਰੈਫ਼ਿਕ ਰੋਕਿਆ ਗਿਆ ਤੇ ਦੂਰ-ਦੂਰ ਤੱਕ ਵਾਹਨਾਂ ਦੀਆਂ ਲਾਈਨਾ ਲੱਗ ਗਈਆਂ। ਪੁਲੀਸ ਨੇ ਟਰੈਫਿਕ ਦੇ ਬਦਲਵੇਂ ਪ੍ਰਬੰਧ ਕੀਤੇ ਹੋਏ ਸਨ।
ਵੇਰਵਿਆਂ ਅਨੁਸਾਰ ਮੁਹਾਲੀ ਵਾਲੇ ਪਾਸਿਉਂ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਦੀ ਅਗਵਾਈ ਵਿੱਚ ਕਿਸਾਨ ਤੇ ਹੋਰ ਲੋਕ ਪਹੁੰਚੇ, ਮੁੱਲਾਂਪੁਰ ਬੈਰੀਅਰ ਵਾਲੇ ਪਾਸਿਉਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਜਦਕਿ ਹੱਲੋਮਾਜਰਾ ਚੌਕ ਉੱਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ਤੋਂ ਬੰਤ ਬਰਾੜ, ਇੰਦਰਜੀਤ ਸਿੰਘ ਗਰੇਵਾਲ, ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਵੱਲੋਂ ਬਲਜਿੰਦਰ ਸਿੰਘ ਭਾਗੋਮਾਜਰਾ, ਪਿੰਡ ਰਾਏਪੁਰ ਕਲਾਂ ਤੋਂ ਸ਼ਰਨਜੀਤ ਸਿੰਘ, ਮੌਲੀ ਜੱਗਰਾਂ ਤੋਂ ਅਵਤਾਰ ਸਿੰਘ, ਬਹਿਲਾਣਾ ਤੋਂ ਜੀਤ ਸਿੰਘ, ਬੀਬੀ ਜਸਵਿੰਦਰ ਕੌਰ, ਮੁਲਾਜ਼ਮ ਆਗੂ ਨਸੀਬ ਜਾਖੜ, ਨੌਜਵਾਨ ਸਭਾ ਤੋਂ ਮਾਨਵ, ਦੜੂਆ ਤੋਂ ਹਰਜੀਤ ਸਿੰਘ ਨੇ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰਦਿਆਂ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ।
ਇਸੇ ਤਰ੍ਹਾਂ ਪ੍ਰੋ. ਸੁਖਵਿੰਦਰ ਸਿੰਘ ਅਤੇ ਸਾਹਿਬ ਕੰਵਰ ਨੇ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੱਕ ਵਿੱਚ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਤੇ ਹੱਲੋਮਾਜਰਾ ਦੀ ਵਸਨੀਕ ਹਰਸ਼ਜੋਤ ਨੇ ਆਪਣੇ ਭਾਸ਼ਣ ਰਾਹੀਂ ਕਿਸਾਨ ਸੰਘਰਸ਼ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।