ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 28 ਅਕਤੂਬਰ
ਸ੍ਰੀ ਗੁਰੂ ਹਰਗੋਬਿੰਦ ਸਿੰਘ ਖਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ ਦੇ ਕਾਰਜਾਂ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਮਗਰੋਂ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਦਾ ਪ੍ਰਬੰਧਕੀ ਆਧਾਰ ’ਤੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਸਕੂਲ ਵਿੱਚ ਤਬਾਦਲਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੇਨਿਯਮੀਆਂ ਦੀ ਜਾਂਚ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਵੱਲੋਂ ਕਮੇਟੀ ਬਣਾਈ ਗਈ ਸੀ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਨੇ ਤਬਾਦਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਪ ਮੰਡਲ ਅਫ਼ਸਰ ਅਮਲੋਹ ਵੱਲੋਂ ਸਕੂਲ ਦੀਆਂ ਕਥਿਤ ਬੇਨਿਯਮੀਆਂ ਸਬੰਧੀ ਮਾਮਲਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਡੀਸੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਇਸ ਮਗਰੋਂ ਸਿੱਖਿਆ ਵਿਭਾਗ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ 4 ਮੈਂਬਰੀ ਕਮੇਟੀ ਕਾਇਮ ਕੀਤੀ ਗਈ ਸੀ। ਟੀਮ ਨੇ ਆਪਣੇ ਰਿਪੋਰਟ ਵਿੱਚ ਸਕੂਲੀ ਕੰਮਕਾਜ ਵਿੱਚ ਬੇਨਿਯਮੀਆਂ ਦਾ ਖੁਲਾਸਾ ਕੀਤਾ। ਜ਼ਿਲ੍ਹਾ ਅਧਿਕਾਰੀਆਂ ਨੇ ਉਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਕੇਸ ਭੇਜ ਦਿੱਤਾ ਹੈ।
ਪੜਤਾਲੀਆ ਕਮੇਟੀ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕੈਸ਼ਬੁੱਕ ਅਤੇ ਫਾਈਲ ਵੀ ਉਪਲੱਬਧ ਨਹੀਂ ਕਰਵਾਈ ਗਈ ਜਦੋ ਕਿ ਬਹੁਤ ਸਾਰੀਆਂ ਆਇਟਮਾਂ ਦੀਆਂ ਕੁਟੇਸ਼ਨਾਂ ਸਹੀ ਨਹੀਂ ਅਤੇ ਖ਼ਰੀਦ ਕਮੇਟੀ ਦੇ ਦਸਤਖ਼ਤ ਵੀ ਨਹੀਂ ਹਨ। ਇਸੇ ਤਰ੍ਹਾਂ ਬਹੁਤ ਸਾਰੀਆਂ ਆਇਟਮਾਂ ਦੀ ਖ਼ਰੀਦ ਕਰਨ ਤੋਂ ਪਹਿਲਾ ਖਰੀਦ ਕਮੇਟੀ ਦਾ ਗਠਨ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਾਸਟਰ ਰੋਲ ਵੀ ਨਹੀਂ ਸੀ। ਪੜਤਾਲੀਆ ਕਮੇਟੀ ਨੇ ਦੱਸਿਆ ਕਿ ਪ੍ਰਿੰਸੀਪਲ ਗੁਰਦੀਪ ਸਿੰਘ ਨੇ ਜਾਂਚ ਦੌਰਾਨ ਕੋਈ ਸਹਿਯੋਗ ਨਹੀਂ ਕੀਤਾ।