ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਨਵੰਬਰ
ਮੁਹਾਲੀ ਪੁਲੀਸ ਨੇ ਰਾਤ ਸਮੇਂ ਸੁੰਨੇ ਘਰਾਂ ਵਿੱਚ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਜੈ ਕੁਮਾਰ ਅਤੇ ਗੌਰਵ ਕੁਮਾਰ ਦੋਵੇਂ ਵਾਸੀ ਬਸੋਲੀ (ਯੂਪੀ) ਵਜੋਂ ਹੋਈ ਹੈ ਜਦੋਂਕਿ ਉਨ੍ਹਾਂ ਦੇ ਕਈ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਗਈ ਹੈ। ਇਸ ਤਹਿਤ ਸੋਹਾਣਾ ਥਾਣੇ ਦੇ ਐੱਸਐੱਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ।
ਡੀਐੱਸਪੀ ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਰੀਬ 11 ਤੋਲੇ ਸੋਨਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਘਰਾਂ ਅਤੇ ਦੁਕਾਨਾਂ ਵਿੱਚ ਚੋਰੀਆਂ ਕਰਨ ਦੇ ਮਾਮਲੇ ਵਿੱਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮਾਂ ਦੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਜੈ ਕੁਮਾਰ ਅਤੇ ਗੌਰਵ ਕੁਮਾਰ ਯੂਪੀ ਤੋਂ ਆ ਕੇ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਰਾਤ ਸਮੇਂ ਬੰਦ ਪਈਆਂ ਕੋਠੀਆਂ ਤੇ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦਾ ਹੋਰ ਸਾਮਾਨ ਬਰਾਮਦ ਹੋਣ ਦੀ ਉਮੀਦ ਹੈ। ਮੁਲਜ਼ਮਾਂ ਦੇ ਫ਼ਰਾਰ ਸਾਥੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।