ਕੁਲਦੀਪ ਸਿੰਘ
ਚੰਡੀਗੜ੍ਹ, 10 ਅਕਤੂਬਰ
ਇਥੇ ਅੱਜ 96 ਹੋਰ ਵਿਅਕਤੀਆਂ ਨੂੰ ਕਰੋਨਾ ਵਾਇਰਸ ਦੀ ਲਾਗ ਲੱਗਣ ਦਾ ਪਤਾ ਚਲਿਆ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋਈ ਹੈ। ਪਿੰਡ ਖੁੱਡਾ ਅਲੀਸ਼ੇਰ ਦੇ ਵਸਨੀਕ 51 ਸਾਲਾ ਵਿਅਕਤੀ ਦੀ ਪੰਚਕੂਲਾ ਸਥਿਤ ਅਲਕੈਮਿਸਟ ਹਸਪਤਾਲ ਵਿੱਚ ਅਤੇ ਸੈਕਟਰ 47 ਨਿਵਾਸੀ 65 ਸਾਲਾ ਬਜ਼ੁਰਗ ਦੀ ਮੋਹਾਲੀ ਦੇ ਸੋਹਾਣਾ ਹਸਪਤਾਲ ਵਿੱਚ ਮੌਤ ਹੋਈ ਹੈ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 13081 ਹੋ ਗਿਆ ਹੈ ਅਤੇ 157 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਖ਼ਤਮ ਹੋ ਗਿਆ ਹੈ। ਇਸ ਸਮੇਂ ਸ਼ਹਿਰ ਵਿੱਚ ਐਕਟਿਵ ਕੇਸ 1229 ਹਨ। ਫੌਤ ਹੋਏ ਦੋਵੇਂ ਮਰੀਜ਼ ਕਰੋਨਾ ਵਾਇਰਸ ਦੇ ਨਾਲ-ਨਾਲ ਹੋਰ ਵੀ ਕਈ ਵੱਖ-ਵੱਖ ਗੰਭੀਰ ਬਿਮਾਰੀਆਂ ਤੋਂ ਪੀੜਤ ਸਨ।
ਐਸ.ਏ.ਐਸ. ਨਗਰ (ਮੁਹਾਲੀ)(ਪੱਤਰ ਪ੍ਰੇਰਕ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅੱਜ 90 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 11318 ’ਤੇ ਪਹੁੰਚ ਗਈ ਹੈ। ਅੱਜ 120 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1045 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 10066 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।
ਪੰਚਕੂਲਾ (ਪੀਪੀ ਵਰਮਾ): ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਰ 67 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 64 ਪੰਚਕੂਲਾ ਨਾਲ 64 ਸਬੰਧਤ ਹਨ। ਬਾਕੀ ਮਾਮਲੇ ਦੂਸਰੇ ਜ਼ਿਲ੍ਹਿਆਂ ਜਾਂ ਰਾਜਾਂ ਦੇ ਹਨ। ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕਿਹਾ ਕਿ ਪੰਚਕੂਲਾ ਜ਼ਿਲ੍ਹੇ ਵਿੱਚ ਹੁਣ ਕਰੋਨਾ ਪਾਜ਼ੇਟਿਵ ਕੇਸਾਂ ਵਿੱਚ ਕਮੀ ਆਈ ਹੈ।
ਅੰਬਾਲਾ ਵਿਚ ਦੋ ਮੌਤਾਂ
ਅੰਬਾਲਾ(ਨਿਜੀ ਪੱਤਰ ਪ੍ਰੇਰਕ): ਅੱਜ ਅੰਬਾਲਾ ਵਿਚ ਕਰੋਨਾ ਨੇ ਦੋ ਮਰੀਜ਼ਾਂ ਦੀ ਜਾਨ ਲੈ ਲਈ। ਜ਼ਿਲ੍ਹੇ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 106 ਤੱਕ ਪਹੁੰਚ ਗਈ ਹੈ। ਮਰਨ ਵਾਲਿਆਂ ਵਿਚ ਜ਼ਿਲ੍ਹੇ ਵਿਚ 45 ਕੇਸ ਪਾਜ਼ੇਟਿਵ ਆਉਣ ਨਾਲ ਕੁਲ ਮਰੀਜ਼ਾਂ ਦੀ ਗਿਣਤੀ 8461 ਹੋ ਗਈ ਹੈ।