ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 13 ਸਤੰਬਰ
ਅੰਬਾਲਾ-ਕਾਲਕਾ ਰੇਲਵੇ ਲਾਈਨ ’ਤੇ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿੱਚ ਇੱਕ ਮਹਿਲਾ ਸਣੇ ਦੋ ਜਣਿਆਂ ਦੀ ਮੌਤ ਹੋ ਗਈ। ਘੱਗਰ ਰੇਲਵੇ ਸਟੇਸ਼ਨ ਪੁਲੀਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਪੌਣੇ ਸੱਤ ਵਜੇ ਸੂਚਨਾ ਮਿਲੀ ਕਿ ਮੁਬਾਰਿਕਪੁਰ ਕੋਲ ਇੱਕ ਰੇਲਗੱਡੀ ਦੀ ਲਪੇਟ ਵਿੱਚ ਆ ਕੇ 35 ਸਾਲਾ ਨੌਜਵਾਨ ਮਹੀਪਾਲ ਵਾਸੀ ਮੁਬਾਰਿਕਪੁਰ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਲੇ ਇਹ ਸਪਸ਼ਟ ਨਹੀਂ ਹੋਇਆ ਕਿ ਵਿਅਕਤੀ ਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਰੇਲਵੇ ਲਾਈਨ ਪਾਰ ਕਰਦੇ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਦੂਜਾ ਹਾਦਸਾ ਸੁਖਮਨੀ ਕਾਲਜ ਨੇੜੇ ਵਾਪਰਿਆ। ਇੱਥੇ ਚੰਡੀਗੜ੍ਹ ਤੋਂ ਮੁੰਬਈ ਜਾ ਰਹੀ ਇੱਕ ਰੇਲਗੱਡੀ ਦੀ ਲਪੇਟ ਵਿੱਚ ਆ ਕੇ 55 ਸਾਲਾ ਮਹਿਲਾ ਦੀ ਮੌਤ ਹੋ ਗਈ। ਰੇਲਵੇ ਪੁਲੀਸ ਦੱਪਰ ਦੇ ਇੰਚਾਰਜ ਏਐੱਸਆਈ ਯਸ਼ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਉਹ ਦੇਖਣ ਤੋਂ ਸਥਾਨਕ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਪਛਾਣ ਲਈ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।