ਹਰਜੀਤ ਸਿੰਘ
ਡੇਰਾਬੱਸੀ, 14 ਜਨਵਰੀ
ਤਹਿਸੀਲ ਕੰਪਲੈਕਸ ਵਿੱਚ ਰਜਿਸਟਰੀ ਨੂੰ ਲੈ ਕੇ ਹੰਗਾਮਾ ਹੋ ਗਿਆ। ਸੀਨੀਅਰ ਕਾਂਗਰਸੀ ਆਗੂ ਬਹਾਦਰ ਸਿੰਘ ਝਰਮੜੀ ਨੇ ਤਹਿਸੀਲ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਤਹਿਸੀਲਦਾਰ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕਰ ਰਹੀ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਕਾਗਜ਼ਾਂ ਵਿੱਚ ਕਮੀ ਕੱਢ ਦਿੱਤੀ ਗਈ। ਉਸ ਵੱਲੋਂ ਰੌਲਾ ਪਾਉਣ ’ਤੇ ਤਹਿਸੀਲਦਾਰ ਨੇ ਉਨ੍ਹਾਂ ਕਾਗਜ਼ਾਂ ਦੇ ਆਧਾਰ ’ਤੇ ਹੀ ਰਜਿਸਟਰੀ ਕਰ ਦਿੱਤੀ। ਦੂਜੇ ਪਾਸੇ ਮਾਮਲਾ ਵਧਦਾ ਦੇਖ ਤਹਿਸੀਲਦਾਰ ਰਮਨਦੀਪ ਕੌਰ ਨੇ ਪੁਲੀਸ ਨੂੰ ਮੌਕੇ ’ਤੇ ਬੁਲਾ ਲਿਆ ਪਰ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਰਜਿਸਟਰੀ ਕਰ ਦਿੱਤੀ ਗਈ।
ਇਸ ਸਬੰਧੀ ਬਹਾਦਰ ਸਿੰਘ ਝਰਮੜੀ ਨੇ ਕਿਹਾ ਕਿ ਉਹ ਪਿੰਡ ਤੋਂ ਬਜ਼ੁਰਗ ਔਰਤ ਦੀ ਰਜਿਸਟਰੀ ਕਰਵਾਉਣ ਲਈ ਉਨ੍ਹਾਂ ਦੇ ਪਰਿਵਾਰ ਨਾਲ ਤਹਿਸੀਲ ਵਿੱਚ ਆਇਆ ਸੀ। ਸਾਰੇ ਦਸਤਾਵੇਜ਼ ਪੂਰੇ ਹੋਣ ਦੇ ਬਾਵਜੂਦ ਤਹਿਸੀਲਦਾਰ ਵੱਲੋਂ ਦਸਤਾਵੇਜ਼ਾਂ ਵਿੱਚ ਕਮੀ ਦਾ ਬਹਾਨਾ ਬਣਾ ਕੇ ਅਸਿੱਧੇ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਗਈ। ਉਸ ਵੱਲੋਂ ਇਸ ਦਾ ਵਿਰੋਧ ਕਰਦਿਆਂ ਤਹਿਸੀਲਦਾਰ ਨਾਲ ਗੱਲ ਕੀਤੀ ਤਾਂ ਉਹ ਬਦਸਲੂਕੀ ਕਰਨ ਲੱਗ ਗਏ ਜਿਸ ਮਗਰੋਂ ਉਨ੍ਹਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਤਹਿਸੀਲਦਾਰ ਨੇ ਮੌਕੇ ’ਤੇ ਪੁਲੀਸ ਸੱਦ ਲਈ ਪਰ ਇਸ ਤੋਂ ਪਹਿਲਾਂ ਹੀ ਮੌਕੇ ’ਤੇ ਲੋਕ ਇਕੱਤਰ ਹੁੰਦੇ ਦੇਖ ਉਨ੍ਹਾਂ ਵੱਲੋਂ ਉਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਰਜਿਸਟਰੀ ਕਰਵਾ ਦਿੱਤੀ। ਮੌਕੇ ’ਤੇ ਪਹੁੰਚੇ ਸਹਾਇਕ ਇੰਸਪੈਕਟਰ ਸਤਵੀਰ ਸਿੰਘ ਨੇ ਦੱਸਿਆ ਕਿ ਤਹਿਸੀਲਦਾਰ ਮੈਡਮ ਵੱਲੋਂ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਦਸਤਾਵੇਜ਼ਾਂ ਵਿੱਚ ਕਮੀ ਸੀ ਜਿਸ ਸਬੰਧੀ ਉੱਕਤ ਵਿਅਕਤੀ ਨੂੰ ਕਿਹਾ ਗਿਆ ਤਾਂ ਉਸ ਵੱਲੋਂ ਹੰਗਾਮਾ ਪਾਉਂਦਿਆਂ ਸਰਕਾਰੀ ਕੰਮ ਵਿੱਚ ਵਿਘਨ ਪਾਉਣਾ ਸ਼ੁਰੂ ਕਰ ਦਿੱਤਾ ਗਿਆ। ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗੱਲ ਕਰਨ ’ਤੇ ਤਹਿਸੀਲਦਾਰ ਰਮਨਦੀਪ ਕੌਰ ਨੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਦਸਤਾਵੇਜ਼ਾਂ ਵਿੱਚ ਕਮੀ ਹੋਣ ਕਾਰਨ ਉਨ੍ਹਾਂ ਨੇ ਰਜਿਸਟਰੀ ਰੋਕੀ ਸੀ। ਕਿਸੇ ਤੋਂ ਵੀ ਰਿਸ਼ਵਤ ਦੀ ਮੰਗ ਨਹੀਂ ਕੀਤੀ ਗਈ ਸਗੋਂ ਬਾਅਦ ਵਿੱਚ ਦਸਤਾਵੇਜ਼ਾਂ ਦੀ ਤਸੱਲੀ ਹੋਣ ਮਗਰੋਂ ਰਜਿਸਟਰੀ ਕਰ ਦਿੱਤੀ ਗਈ।