ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੂਨ
ਸਿਟੀ ਬਿਊਟੀਫੁਲ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ਕਰਕੇ ਯੂਟੀ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਸਿਹਤ ਵਿਭਾਗ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੰਘ ਜਾਂ ਖਾਂਸੀ ਆਉਣ ’ਤੇ ਨੱਕ ਨੂੰ ਰੁਮਾਲ ਨਾਲ ਢੱਕਿਆ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਜਾਂ ਹੋਰ ਕਿਸੇ ਕਿਸਮ ਦੀ ਬਿਮਾਰੀ ਪੇਸ਼ ਆਉਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ ’ਤੇ ਥੁੱਕਣ ਅਤੇ ਆਪਸ ਵਿੱਚ ਹੱਥ ਨਾ ਮਿਲਾਉਣ ਦੀ ਵੀ ਬੇਨਤੀ ਕੀਤੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਹਿਰ ਵਿੱਚ ਕਰੋਨਾਵਾਇਰਸ ਦੇ 25 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ 13 ਮਰਦ ਅਤੇ 12 ਔਰਤਾਂ ਸ਼ਾਮਲ ਹਨ। ਜਦੋਂ ਕਿ 12 ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸ਼ਹਿਰ ਵਿੱਚ ਐਕਟਿਵ ਕੇਸਾਂ ਦੀ ਗਿਣਤੀ 209 ’ਤੇ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਸ਼ਹਿਰ ਵਿੱਚ ਕਰੋਨਾਵਾਇਰਸ ਕਾਰਨ 1165 ਜਣਿਆਂ ਦੀ ਮੌਤ ਹੋ ਚੁੱਕੀ ਹੈ।