ਕੁਲਦੀਪ ਸਿੰਘ
ਚੰਡੀਗੜ੍ਹ, 21 ਅਕਤੂਬਰ
ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਸੈਕਟਰ 11 ਸਥਿਤ ਜਨ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਮੰਗ ਕੀਤੀ ਕਿ ਯੂ.ਟੀ. ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਕੇਂਦਰ ਦੀ ਤਰਜ਼ ’ਤੇ ਬੋਨਸ ਦਿੱਤਾ ਜਾਵੇ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ, ਸੁਰਮੁਖ ਸਿੰਘ, ਰਾਜਿੰਦਰ ਕੁਮਾਰ, ਰਾਜਾ ਰਾਮ, ਸੁਰਿੰਦਰ ਕੁਮਾਰ, ਜਗਮੋਹਨ ਸਿੰਘ ਤੇ ਕਮਲ ਕੁਮਾਰ ਆਦਿ ਨੇ ਕਿਹਾ ਕਿ ਨਗਰ ਨਿਗਮ ਤੇ ਚੰਡੀਗੜ੍ਹ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਫੈਸਲੇ ਅਨੁਸਾਰ ਉਹ 3 ਨਵੰਬਰ ਨੂੰ ਦੁਬਾਰਾ ਨਗਰ ਨਿਗਮ ਦੇ ਸਬ-ਆਫ਼ਿਸ ਮਨੀਮਾਜਰਾ ਵਿੱਚ ਧਰਨਾ ਦੇਣਗੇ ਅਤੇ 21 ਨਵੰਬਰ ਨੂੰ ਹੱਲਾ ਬੋਲ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਯੂ.ਟੀ. ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਸੀ ਪਰ ਅੱਜ ਤੱਕ ਉਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਾਮਿਆਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨ ਨੂੰ ਸੰਜੇ ਦੁਹਾਨ, ਕੁਲਦੀਪ ਸਿੰਘ, ਯਾਦ ਰਾਮ, ਗੁਰਮੀਤ ਸਿੰਘ, ਰਾਮ ਸਿੰਘ, ਅਸੋਕ ਕੁਮਾਰ, ਮਾਹੀ ਪਾਲ ਅਤੇ ਰਵਿੰਦਰ ਬਿੰਦੂ ਨੇ ਵੀ ਸੰਬੋਧਨ ਕੀਤਾ।