ਹਰਜੀਤ ਸਿੰਘ
ਜ਼ੀਰਕਪੁਰ, 3 ਜੁਲਾਈ
ਪੰਜਾਬ ਕੋਵਿਡ-19 ਵੈਕਸੀਨੇਸ਼ਨ ਮੈਗਾ ਡਰਾਈਵ ਤਹਿਤ ਸਰਕਾਰੀ ਸਕੂਲ, ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਇਲਾਵਾ ਬਲਾਕ ਦੇ ਕਈ ਪਿੰਡਾਂ ਅਤੇ ਫੈਕਟਰੀਆਂ ਸਮੇਤ ਕੁੱਲ 34 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੈਕਸੀਨੇਸ਼ਨ ਦੀ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੀ 4 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਨਾਲ ਲੜਾਈ ਵਿੱਚ ਵੈਕਸੀਨ ਹੀ ਇੱਕ ਅਹਿਮ ਹਥਿਆਰ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਡਾ. ਜੈਨ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ।