ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਗਸਤ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਸਬੰਧੀ ਨਵਾਂ ਨਿਯਮ ਲਾਗੂ ਕਰਦਿਆਂ ਸਕੂਲਾਂ, ਕਾਲਜਾਂ ਤੇ ਹਸਪਤਾਲ ਮੂਹਰੇ ਵਾਹਨਾਂ ਦੀ ਰਫ਼ਤਾਰ ਘਟਾ ਦਿੱਤੀ ਹੈ। ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਵਿੱਦਿਅਕ ਅਦਾਰੇ ਅਤੇ ਹਸਪਤਾਲਾਂ ਮੂਹਰੇ ਵਾਹਨਾਂ ਦੀ ਰਫ਼ਤਾਰ 25 ਕਿੱਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਵੱਧ ਰਫ਼ਤਾਰ ’ਤੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਸਬੰਧੀ ਨਵੇਂ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਇਹ ਫ਼ੈਸਲਾ ਕੇਂਦਰੀ ਸੜਕ, ਟਰਾਂਸਪੋਰਟ ਅਤੇ ਹਾਈਵੇਅ ਅਥਾਰਟੀ ਨਾਲ ਗੱਲਬਾਤ ਤੋਂ ਬਾਅਦ ਕੀਤਾ ਗਿਆ ਹੈ। ਇਹ ਆਦੇਸ਼ ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਸਕੱਤਰ ਨਿਤੀਨ ਕੁਮਾਰ ਯਾਦਵ ਨੇ ਜਾਰੀ ਕੀਤੇ ਹਨ। ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਵਿਚਲੇ ਸਕੂਲ, ਕਾਲਜ ਅਤੇ ਹਸਪਤਾਲਾਂ ਦੇ ਨੇੜੇ ਵਾਹਨਾਂ ਦੀ ਰਫ਼ਤਾਰ 25 ਕਿੱਲੋਮੀਟਰ ਰੱਖੀ ਜਾਵੇਗੀ। ਇਸ ਸਬੰਧੀ ਟਰਾਂਸਪੋਰਟ ਸਕੱਤਰ ਨੇ ਯੂਟੀ ਦੇ ਇੰਜਨੀਅਰਿੰਗ ਵਿਭਾਗ ਨੂੰ ਜਲਦ ਹੀ ਦਿਸ਼ਾ ਬੋਰਡ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਦੂਜੇ ਪਾਸੇ ਚੰਡੀਗੜ੍ਹ ਟਰੈਫ਼ਿਕ ਪੁਲੀਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਗੌਰਤਲਬ ਹੈ ਕਿ ਚੰਡੀਗੜ੍ਹ ਵਿੱਚ ਵਧ ਰਹੀ ਅਬਾਦੀ ਕਰਕੇ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਨੂੰ ਸੀਮਤ ਕਰਨ ਲਈ ਯੂਟੀ ਪ੍ਰਸ਼ਾਸਨ ਨੇ ਸਾਰੇ ਚੌਕਾ ਵਿੱਚ ਸੀਸੀਟੀਵੀ ਕੈਮਰੇ ਲਗਾ ਦਿੱਤੇ ਹਨ। ਇਸ ਨਾਲ ਤੇਜ਼ ਰਫ਼ਤਾਰ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਸਿੱਖਿਆ ਅਤੇ ਸਿਹਤ ਸੰਸਥਾਵਾਂ ਮੂਹਰੇ ਤੋਂ ਵਾਹਨਾਂ ਦੀ ਰਫ਼ਤਾਰ ਨੂੰ ਘਟਾਉਣ ਲਈ ਯੂਟੀ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ।
ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਕੁਝ ਸਮਾਂ ਪਹਿਲਾਂ ਵੀ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵਿੱਚ ਫੇਰਬਦਲ ਕੀਤਾ ਸੀ। ਉਸ ਸਮੇਂ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਚਾਰ ਪਹੀਆ ਵਾਹਨਾਂ ਦੀ ਰਫ਼ਤਾਰ 60 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਅੰਦਰੂਨੀ ਸੜਕਾਂ ’ਤੇ 50 ਕਿੱਲੋ ਮੀਟਰ ਪ੍ਰਤੀ ਘੰਟਾ ਤੈਅ ਕੀਤੀ ਗਈ ਹੈ।
ਇਸੇ ਤਰ੍ਹਾਂ ਦੋਪਹੀਆਂ ਵਾਹਨ ਦੀ ਰਫ਼ਤਾਰ 45 ਕਿੱਲੋਮੀਟਰ ਪ੍ਰਤੀ ਘੰਟਾ ਤੈਅ ਕੀਤੀ ਗਈ ਹੈ। ਇਸ ਤੋਂ ਤੇਜ਼ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਚੰਡੀਗੜ੍ਹ ਟਰੈਫ਼ਿਕ ਪੁਲੀਸ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ।