ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 19 ਸਤੰਬਰ
ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਡਾਕਟਰਾਂ ਦੇ ਬਰਾਬਰ ਤਨਖ਼ਾਹ ਕਰਨ ਦੀ ਮੰਗ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੀਤੀ 17 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੇਅ-ਪੈਰਿਟੀ ਲਈ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ, ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਸਿੰਘ ਅਤੇ ਡਾ. ਹਰਮਨਦੀਪ ਸਿੰਘ ਨੇ ਵੈਟਰਨਰੀ ਅਫ਼ਸਰਾਂ ਦੀ ਮੈਡੀਕਲ ਅਫ਼ਸਰਾਂ ਦੇ ਬਰਾਬਰ ਤਨਖ਼ਾਹ ਕਰਨ ਲਈ ਪੰਜਾਬ ਸਰਕਾਰ ਦੀ ਟਾਲ-ਮਟੋਲ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ। ਅੱਜ ਇੱਥੇ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ।ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਵੈਟਰਨਰੀ ਅਫ਼ਸਰਾਂ ਦੀ ਇਹ ਜਾਇਜ਼ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ।
ਜਥੇਬੰਦੀ ਦੇ ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਨੇ ਦੋਸ਼ ਲਾਇਆ ਕਿ ਵੱਖ-ਵੱਖ ਪਸ਼ੂ ਪਾਲਣ ਮੰਤਰੀ ਹੁਣ ਤੱਕ ਇਹ ਭਰੋਸਾ ਦਿੰਦੇ ਰਹੇ ਹਨ ਕਿ ਪਿਛਲੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਨਾਲ ਕੀਤੀ ਬੇਇਨਸਾਫ਼ੀ ਨੂੰ ਡਾਕਟਰਾਂ ਨਾਲ ਤਨਖ਼ਾਹ ਬਰਾਬਰ ਕਰਕੇ ਦੂਰ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਤੋਂ ਵੈਟਰਨਰੀ ਡਾਕਟਰਾਂ ਦੀ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਹੁਣ ਇਸ ਮੁੱਦੇ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਦੀ 27 ਸਤੰਬਰ ਨੂੰ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਮੀਟਿੰਗ ਆਨੇ ਬਹਾਨੇ ਮੀਟਿੰਗ ਅੱਗੇ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਦਿਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।