ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਨਵੰਬਰ
ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਹਰਿਆਣਾ ਕਾਡਰ ਦੇ ਆਈਏਐੱਸ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭ ਲਿਆ। ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਦੀ ਟੁਕੜੀ ਨੇ ਪਹਿਲਾਂ ਸਲਾਮੀ ਦਿੱਤੀ। ਉਸ ਮਗਰੋਂ ਵਿਨੈ ਪ੍ਰਤਾਪ ਸਿੰਘ ਨੇ ਦਫ਼ਤਰ ਪਹੁੰਚ ਕੇ ਅਹੁਦਾ ਸਾਂਭਿਆ।
ਇਸ ਤੋਂ ਪਹਿਲਾਂ ਯੂਟੀ ਪ੍ਰਸ਼ਾਸਨ ਨੇ ਮਨਦੀਪ ਸਿੰਘ ਬਰਾੜ ਨੂੰ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਮੁਕਤ ਕੀਤਾ। ਯੂਟੀ ਦੇ ਨਵੇਂ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਜ਼ਿਲ੍ਹਾ ਮੈਜਿਸਟਰੇਟ, ਅਸਟੇਟ ਦਫ਼ਤਰ, ਲੇਬਰ ਕਮਿਸ਼ਨਰ, ਪ੍ਰਧਾਨ ਜ਼ਿਲ੍ਹਾ ਸੈਨਿਕ ਵੈਲਫੇਅਰ ਬੋਰਡ, ਸਿਵਲ ਡਿਫੈਂਸ ਦੇ ਕੰਟਰੋਲਰ, ਸਕੱਤਰ ਖੇਤੀਬਾੜੀ ਮਾਰਕੀਟਿੰਗ ਬੋਰਡ, ਡਾਇਰੈਕਟਰ ਖੇਤੀਬਾੜੀ, ਵਧੀਕ ਚੀਫ ਚੋਣ ਅਧਿਕਾਰੀ, ਚੇਅਰਮੈਨ ਵਕਫ ਬੋਰਡ, ਕਮਿਸ਼ਨਰ ਕਰ ਅਤੇ ਆਬਕਾਰੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਦਾ ਕੰਮਕਾਜ ਵੀ ਦੇਖਣਗੇ। ਵਿਨੈ ਪ੍ਰਤਾਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਦਿਨ ਰਾਤ ਇਕ ਕਰਕੇ ਕੰਮ ਕਰਨਗੇ। ਜਿਸ ਦੇ ਸਦਕਾ ਚੰਡੀਗੜ੍ਹ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ।
ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਯੂਟੀ ਦੇ ਡਿਪਟੀ ਕਮਿਸ਼ਨਰ ਅਹੁਦੇ ਲਈ ਤਿੰਨ ਆਈਏਐੱਸ ਅਧਿਕਾਰੀਆਂ ਦਾ ਪੈਨਲ ਭੇਜਿਆ ਸੀ ਜਿਸ ਵਿੱਚ ਵਿਨੈ ਪ੍ਰਤਾਪ ਸਿੰਘ, ਪ੍ਰਭਜੋਤ ਸਿੰਘ ਅਤੇ ਮੁਕੂਲ ਕੁਮਾਰ ਦੇ ਨਾਮ ਸ਼ਾਮਲ ਹਨ।