ਮੁਕੇਸ਼ ਕੁਮਾਰ
ਚੰਡੀਗੜ੍ਹ, 17 ਜੂਨ
ਚੰਡੀਗੜ੍ਹ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੀਆਂ ਨਿੱਤ ਮਿਲ ਰਹੀਆਂ ਸ਼ਿਕਾਇਤਾਂ ਨੂੰ ਲੈ ਕੇ ਨਗਰ ਨਿਗਮ ਦੀ ਵਾਟਰ ਸਪਲਾਈ ਐਂਡ ਸਿਵਰੇਜ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਤੇ ਨਿਗਮ ਕੌਂਸਲਰ ਅਨਿਲ ਕੁਮਾਰ ਦੂਬੇ ਨੇ ਨਿਗਮ ਅਧਿਕਾਰੀਆਂ ਨਾਲ ਰਾਏਪੁਰ ਖੁਰਦ ਪਿੰਡ ਦਾ ਦੌਰਾ ਕੀਤਾ। ਦੌਰੇ ਦੌਰਾਨ ਸ੍ਰੀ ਦੂਬੇ ਨੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਸਬੰਧੀ ਦਰਪੇਸ਼ ਸਮੱਸਿਆਂਵਾਂ ਬਾਰੇ ਚਰਚਾ ਕੀਤੀ ਅਤੇ ਮੌਕੇ ’ਤੇ ਹਾਜ਼ਰ ਨਿਗਮ ਦੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਨੇ ਨਿਗਮ ਦੀ ਟੀਮ ਨੂੰ ਦੱਸਿਆ ਕਿ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਪਾਣੀ ਦੇ ਟੈਂਕਰ ਮੰਗਵਾਉਣੇ ਪੈਂਦੇ ਹਨ। ਕਾਰਜਕਾਰੀ ਇੰਜਨੀਅਰ ਰਾਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਰਾਏਪੁਰ ਖੁਰਦ ਦੇ ਕੁੱਝ ਹਿੱਸਿਆਂ ਵਿੱਚ ਪਾਣੀ ਦੀ ਸਮੱਸਿਆ ਆ ਰਹੀ ਹੈ, ਜਿਸ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇਗਾ।
ਨਿੱਜੀ ਕੰਪਨੀ ਵੱਲੋਂ ਕੀਤੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਰਖੇਗਾ ਨਿਗਮ: ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਦੱਖਣੀ ਇਲਾਕੇ ਵਿੱਚ ਸਫ਼ਾਈ ਵਿਵਸਥਾ ਦਾ ਜ਼ਿਮਾ ਸੰਭਾਲ ਰਹੀ ਲਾਇੰਸ ਕੰਪਨੀ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ। ਅੱਜ ਨਿਗਮ ਦੀ ਸੈਨੀਟੇਸ਼ਨ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਫੈ਼ਸਲਾ ਕੀਤਾ ਗਿਆ। ਕੌਂਸਲਰ ਰਾਜੇਸ਼ ਕੁਮਾਰ ਕਾਲੀਆ ਦੀ ਪ੍ਰਧਾਨਗੀ ਹੇਠੀ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਇਸ ਬਾਰੇ ਜ਼ਰੂਰੀ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲਾਇੰਸ ਕੰਪਨੀ ਵੱਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਦੀ ਨਿਗਰਾਨੀ ਲਈ ਜ਼ਰੂਰੀ ਰਿਕਾਰਡ ਤਿਆਰ ਕੀਤਾ ਜਾਵੇ। ਕਮੇਟੀ ਮੈਂਬਰਾਂ ਨੇ ਕੰਪਨੀ ਦੇ ਸੰਚਾਲਕ ਨੂੰ ਵੀ ਇਸ ਸਬੰਧੀ ਲੋੜੀਂਦਾ ਰਿਕਾਰਡ ਤਿਆਰ ਰੱਖਣ ਲਈ ਕਿਹਾ ਹੈ। ਮੀਟਿੰਗ ਦੌਰਾਨ ਨਿਗਮ ਦੇ ਸਫ਼ਾਈ ਵਿੰਗ ਦੀ ਸ਼ਹਿਰ ਵਿੱਚ ਕੋਵਿਡ-19 ਦੌਰਾਨ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਲਈ ਸ਼ਲਾਘਾ ਕੀਤੀ ਗਈ।