ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਅਪਰੈਲ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ 300 ਯੂਨਿਟ ਬਿਜਲੀ ਮੁਆਫ਼ੀ ਦਾ ਐਲਾਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਅੱਜ ਤੋਂ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਉਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਵਿਧਾਇਕ ਅਤੇ ‘ਆਪ’ ਵਾਲੰਟੀਅਰਾਂ ਨੇ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਲੱਡੂ ਵੰਡੇ ਅਤੇ ਖੁਸ਼ੀ ਵਿੱਚ ਭੰਗੜੇ ਪਾ ਕੇ ਜਸ਼ਨ ਮਨਾਇਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀ ਇਕ ਮਹੀਨੇ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਦਫ਼ਤਰਾਂ ਵਿੱਚ ਬਿਨਾ ਪੈਸੇ ਦਿੱਤੇ ਲੋਕਾਂ ਦੇ ਕੰਮ ਹੋ ਰਹੇ ਹਨ ਜਦੋਂਕਿ ਇਸ ਤੋਂ ਪਹਿਲਾਂ ਰਿਸ਼ਵਤ ਦਿੱਤੇ ਬਿਨਾ ਕੋਈ ਕੰਮ ਨਹੀਂ ਹੁੰਦਾ ਸੀ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ, ਕੌਂਸਲਰ ਸਰਬਜੀਤ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਆਰਪੀ ਸ਼ਰਮਾ ਆਦਿ ਮੌਜੂਦ ਸਨ।