ਮਿਹਰ ਸਿੰਘ
ਕੁਰਾਲੀ, 10 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਗਰ ਕੌਂਸਲ ਦੀ ਹੱਦ ਵਿੱਚ ਪੈਂਦੇ ਪਿੰਡ ਪਡਿਆਲਾ ਦੇ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ (ਲੜਕੀਆਂ) ਵਿਖੇ ਪਹੁੰਚੇ। ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਚੰਨੀ ਨੇ ਹਲਕੇ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਲੋੜਾਂ ਮੁਤਾਬਕ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਸਾਬਕਾ ਵਿਧਾਇਕ ਮਰਹੂਮ ਬਚਿੱਤਰ ਸਿੰਘ ਅਤੇ ਰਾਜਬੀਰ ਸਿੰਘ ਪਡਿਆਲਾ ਨੂੰ ਵੀ ਯਾਦ ਕੀਤਾ।
ਸ੍ਰੀ ਚੰਨੀ ਨੇ ਕਿਹਾ ਕਿ ਇਲਾਕੇ ਨੂੰ ਪਹਿਲੀ ਵਾਰ ਮੁੱਖ ਮੰਤਰੀ ਬਣਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਠੇਠ ਪੁਆਧੀ ਭਾਸ਼ਾ ਵਿੱਚ ਬੋਲਦਿਆਂ ਕਿਹਾ ਕਿ ਹੁਣ ਤੱਕ ਦੂਰ ਦੁਰਾਡੇ ਦੇ ਹਲਕਿਆਂ ਅਤੇ ਵੱਡੇ ਲੋਕਾਂ ਨੂੰ ਹੀ ਪੰਜਾਬ ਦੇ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਦਾ ਰਿਹਾ ਹੈ, ਪਰ ਪਹਿਲੀ ਵਾਰ ਉਨ੍ਹਾਂ ਦੇ ਇਲਾਕੇ ਨੂੰ ਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਖਰੜ ਇਲਾਕੇ ਦੇ ਵਰਕਰਾਂ ਤੇ ਪਤਵੰਤਿਆਂ ਦੀ ਜਲਦੀ ਮੀਟਿੰਗ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਲਈ ਵੱਡੇ ਫੈਸਲੇ ਲਏ ਜਾਣਗੇ। ਲੜਕੀਆਂ ਦੀ ਸਿੱਖਿਆ ’ਤੇ ਜ਼ੋਰ ਦਿੰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਧੀਆਂ ਨੂੰ ਪੜ੍ਹਾਉਣ ਲਈ ਵਿਸ਼ੇਸ਼ ਉਪਰਾਲੇ ਕਰਨੇ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਚੰਨੀ ਨੇ ਸਾਬਕਾ ਵਿਧਾਇਕ ਮਰਹੂਮ ਬਚਿੱਤਰ ਸਿੰਘ ਅਤੇ ਰਾਜਬੀਰ ਸਿੰਘ ਪਡਿਆਲਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਪਰਿਵਾਰ ਨੇ ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਗੁੜ੍ਹਤੀ ਲੈ ਕੇ ਮਿਆਰੀ ਸਿਆਸਤ ਅਤੇ ਇਲਾਕੇ ਦੀ ਸੇਵਾ ਕੀਤੀ ਹੈ। ਮੁੱਖ ਮੰਤਰੀ ਨੇ ਕਾਲਜ ਨੂੰ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।