ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਚੋਰਾਂ ਵੱਲੋਂ ਬਿਨਾਂ ਕਿਸੇ ਡਰ ਭੈਅ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਵਾਰ ਤਾਂ ਚੋਰਾਂ ਨੇ ਯੂਟੀ ਗੈਸਟ ਹਾਊਸ ਵਿੱਚੋਂ ਤਾਰਾਂ ਚੋਰੀ ਕਰ ਲਈਆਂ ਹਨ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਬਿਜਲੀ ਵਿਭਾਗ ਦੇ ਅਧਿਕਾਰੀ ਤਰਲੋਚਨ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕੋਈ ਯੂਟੀ ਗੈਸਟ ਹਾਊਸ ਵਿੱਚੋਂ ਤਾਰਾਂ ਚੋਰੀ ਕਰ ਕੇ ਲੈ ਗਿਆ। ਥਾਣਾ ਸੈਕਟਰ-3 ਦੀ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ।