ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ
ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੜ੍ਹ ਪੀੜਤ ਲੋਕਾਂ ਲਈ ‘ਹੜ੍ਹ ਰਾਹਤ ਰਸੋਈ’ ਦੀ ਸ਼ੁਰੂਆਤ ਕੀਤੀ ਹੈ। ਇਸ ਰਸੋਈ ਰਾਹੀਂ ‘ਆਪ’ ਵਾਲੰਟੀਅਰਾਂ ਵੱਲੋਂ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ‘ਆਪ’ ਦੇ ਦਿੱਲੀ ਸੂਬਾ ਕਨਵੀਨਰ ਗੋਪਾਲ ਰਾਏ ਨੇ ਦੱਸਿਆ ਕਿ ਅੱਜ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ‘ਹੜ੍ਹ ਰਾਹਤ ਰਸੋਈ’ ਦੀ ਸ਼ੁਰੂਆਤ ਕੀਤੀ ਗਈ ਹੈ। ਦਿੱਲੀ ਵਿੱਚ ਕਰੀਬ 40 ਰਾਹਤ ਕੈਂਪ ਬਣਾਏ ਗਏ ਹਨ। ਇਨ੍ਹਾਂ ਕੈਂਪਾਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜੋ ਉਥੇ ਰਹਿਣ ਵਾਲੇ ਲੋਕਾਂ ਦੇ ਹਿਸਾਬ ਨਾਲ ਖਾਣੇ ਦੀ ਜ਼ਰੂਰਤ ਦੱਸਣਗੇ ਅਤੇ ਪਾਰਟੀ ਮੁੱਖ ਦਫ਼ਤਰ ਤੋਂ ਉਨ੍ਹਾਂ ਰਾਹੀਂ ਲੋਕਾਂ ਤੱਕ ਖਾਣੇ ਦੇ ਪੈਕੇਟ ਪਹੁੰਚਾਏ ਜਾਣਗੇ।
ਕੈਬਨਿਟ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ’ਚ ਹੜ੍ਹ ਦੀ ਸਥਿਤੀ ਲਗਾਤਾਰ ਘਟਦੀ ਜਾ ਰਹੀ ਹੈ। ਜੇਕਰ ਬਾਰਿਸ਼ ਨਹੀਂ ਹੁੰਦੀ ਤਾਂ ਕੱਲ੍ਹ ਤੱਕ ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦੇ ਪੱਧਰ ਵਿੱਚ ਮਹੱਤਵਪੂਰਨ ਗਿਰਾਵਟ ਦੇਖਣ ਨੂੰ ਮਿਲੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਦਿੱਲੀ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੇ ਹਨ। ਗੋਪਾਲ ਰਾਏ ਨੇ ਕਿਹਾ ਕਿ ਜੇਕਰ ਹਥਨੀ ਕੁੰਡ ਤੋਂ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵੱਲ ਵੀ ਪਾਣੀ ਛੱਡਿਆ ਜਾਂਦਾ ਤਾਂ ਦਿੱਲੀ ਵਿੱਚ ਹੜ੍ਹ ਨਹੀਂ ਆਉਣਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਕਦੇ ਸੋਚਿਆ ਨਹੀਂ ਸੀ ਕਿ ਭਾਜਪਾ ਦਿੱਲੀ ਨੂੰ ਆਪਣੀ ਸਿਆਸੀ ਰੰਜ਼ਿਸ਼ ਵਿੱਚ ਡੁੱਬਣ ਦੀ ਸਾਜ਼ਿਸ਼ ਰਚੇਗੀ।
ਦਿੱਲੀ ਕਮੇਟੀ ਵੱਲੋਂ ਲੰਗਰ ਸੇਵਾ ਜਾਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੌਮੀ ਰਾਜਧਾਨੀ ਵਿਚ ਹੜ੍ਹ ਪੀੜਤ ਇਲਾਕਿਆਂ ਵਿਚ ਲੰਗਰ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਲੰਗਰ ਤੋਂ ਇਲਾਵਾ ਉਨ੍ਹਾਂ ਵੱਲੋਂ ਕੱਪੜੇ ਤੇ ਦਵਾਈਆਂ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 5 ਦਿਨਾਂ ਤੋਂ ਇਹ ਸੇਵਾ ਨਿਰੰਤਰ ਜਾਰੀ ਹੈ ਤੇ 8 ਥਾਵਾਂ ’ਤੇ ਕਮੇਟੀ ਦੀਆਂ ਟੀਮਾਂ ਇਹ ਸੇਵਾ ਕਰ ਰਹੀਆਂ ਹਨ।