ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੂਨ
ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਲੂ ਦੇ ਮਰੀਜ਼ਾਂ ਬਾਰੇ ਮੌਜੂਦਾ ਅੰਕੜਿਆਂ ਨੂੰ ਸਾਂਝਾ ਕਰਦੇ ਹੋਏ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਦੱਸਿਆ ਕਿ ਹਾਲ ਹੀ ਵਿੱਚ ਅਜਿਹੇ 310 ਮਰੀਜ਼ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚ 14 ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ਨੂੰ ਪਹਿਲਾਂ ਹੀ ਕੈਂਸਰ, ਗੁਰਦੇ ਦੀ ਸਮੱਸਿਆ ਵਰਗੀਆਂ ਗੰਭੀਰ ਬਿਮਾਰੀਆਂ ਸਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜੀ ਤੇ ਮੌਤ ਹੋ ਗਈ। ਮੰਤਰੀ ਨੇ ਅੱਗੇ ਦੱਸਿਆ ਕਿ ਲੂ ਦੇ ਕੁੱਲ ਮਰੀਜ਼ਾਂ ’ਚੋਂ 112 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਸਾਰੇ ਹਸਪਤਾਲਾਂ ਵਿਚ ਲੂ ਦੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਅਤੇ ਵਾਤਾਵਰਣ ਦਾ ਸੁਚਾਰੂ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਭਾਰਦਵਾਜ ਨੇ ਅੱਜ ਮਦਨ ਮੋਹਨ ਮਾਲਵੀਆ ਹਸਪਤਾਲ ’ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਦੀਆਂ ਇਲਾਜ ਸਹੂਲਤਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਜਿਵੇਂ ਹੀ ਉਨ੍ਹਾਂ ਨੂੰ ਲੂ ਲੱਗਣ ਦਾ ਕੋਈ ਮਰੀਜ਼ ਮਿਲੇ, ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਆਪਣੀ ਅਚਨਚੇਤ ਫੇਰੀ ਦੌਰਾਨ ਭਾਰਦਵਾਜ ਨੇ ਡਾਕਟਰਾਂ ਨਾਲ ਗੱਲਬਾਤ ਕੀਤੀ ਤੇ ਗਰਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਦੇ ਉਪਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਮੰਤਰੀ ਨੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।