ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਜੂਨ
ਦਿੱਲੀ ਪ੍ਰਦੇਸ਼ ਕਾਂਗਰਸ ਵੱਲੋਂ ਸਾਰੇ 70 ਵਿਧਾਨ ਸਭਾ ਹਲਕਿਆਂ ਵਿੱਚ ਦੇਸ਼ ਦੀ ਸੁਰੱਖਿਆ ਲਈ ਸਿਪਾਹੀਆਂ ਦੀ ਰਵਾਇਤੀ ਅਤੇ ਆਦਰਸ਼ ਭਰਤੀ ਦੀ ਯੋਜਨਾ ਨੂੰ ਰੱਦ ਕਰ ਕੇ, ਕੇਂਦਰ ਸਰਕਾਰ ਵੱਲੋਂ ਲਿਆਂਦੀ ਅਗਨੀਪੱਥ ਯੋਜਨਾ ਨੂੰ ਲਾਗੂ ਕਰਨ ਦੇ ਰੋਸ ਵਜੋਂ ਸੱਤਿਆਗ੍ਰਹਿ ਕੀਤਾ ਗਿਆ।
ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾਵਾਂ ਵਿੱਚ ਸ਼ਾਂਤਮਈ ਸੱਤਿਆਗ੍ਰਹਿ ਕੀਤਾ ਗਿਆ। ਕਾਂਗਰਸੀਆਂ ਨੇ ਨਾਅਰੇ ਲਾਉਂਦੇ ਹੋਏ ਗ੍ਰਿਫ਼ਤਾਰੀਆਂ ਦਿੱਤੀਆਂ ਤੇ ਮੋਦੀ ਸਰਕਾਰ ਦੀ ਨਿਖੇਧੀ ਕੀਤੀ। ਕਾਂਗਰਸ ਵੱਲੋਂ ਕਿਹਾ ਗਿਆ ਕਿ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲੀਸ ਵੱਲੋਂ ਅਗਨੀਪਥ ਯੋਜਨਾ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੰਗਣ ਦੇ ਬਾਵਜੂਦ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹਾਲਾਂਕਿ ਪ੍ਰੋਗਰਾਮ ਬਾਰੇ ਪਿਛਲੇ ਦਿਨੀਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ। ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਕੀਤੇ ਗਏ ਵੱਖ-ਵੱਖ ਸੱਤਿਆਗ੍ਰਹਿ ਵਿੱਚ ਸਾਬਕਾ ਸੰਸਦ ਮੈਂਬਰ, ਸਾਬਕਾ ਵਿਧਾਇਕ, ਕੌਂਸਲਰ ਤੇ ਹੋਰ ਆਗੂ ਹਾਜ਼ਰ ਸਨ।
ਇਸ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੀ ਅਗਨੀਪਥ ਯੋਜਨਾ ਵਿਰੁੱਧ ਲੜਾਈ ਪਹਿਲੇ ਦਿਨ ਤੋਂ ਜਾਰੀ ਹੈ, ਕਿਉਂਕਿ ਪਾਰਟੀ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਲੜਨ ਦੀ ਮਾਣਮੱਤੀ ਵਿਰਾਸਤ ਹੈ। ਕੌਮੀ ਸੁਰੱਖਿਆ ਅਤੇ ਸੈਨਿਕਾਂ ਦੇ ਮਨੋਬਲ ’ਤੇ ਦੂਰਗਾਮੀ ਪ੍ਰਭਾਵਾਂ ਨੂੰ ਉਜਾਗਰ ਕਰਨ ਲਈ, ਕਾਂਗਰਸ ਪਾਰਟੀ ਨੇ ਅਗਨੀਪਥ ਯੋਜਨਾ ਖ਼ਿਲਾਫ਼ 20 ਜੂਨ ਨੂੰ ਜੰਤਰ-ਮੰਤਰ ’ਤੇ ਸ਼ਾਂਤਮਈ ਸੱਤਿਆਗ੍ਰਹਿ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਦੀਆਂ 70 ਵਿਧਾਨ ਸਭਾਵਾਂ ਵਿੱਚ ਕੀਤੇ ਸ਼ਾਂਤਮਈ ਸੱਤਿਆਗ੍ਰਹਿ ਵਿੱਚ ਕਾਂਗਰਸੀ ਵਰਕਰਾਂ ਸਣੇ ਨੌਜਵਾਨਾਂ ਦੀ ਸ਼ਮੂਲੀਅਤ ਰਹੀ। ਉਨ੍ਹਾਂ ਕਿਹਾ ਕਿ ਅਗਨੀਪਥ ਚਾਰ ਸਾਲਾਂ ਦੀ ਸੇਵਾ ਯੋਜਨਾ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਯੋਜਨਾ ਹੈ। ਇਸ ਖ਼ਿਲਾਫ਼ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦਾ ਇਹ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ ਕਿ ਉਹ ਸਰਕਾਰ ਦੀਆਂ ਦੇਸ਼ ਵਿਰੋਧੀ ਚਾਲਾਂ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਜੋ ਵਿਰੋਧੀ ਪਾਰਟੀਆਂ ਦੇਸ਼ ਵਾਸੀਆਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾ ਸਕਣ|
ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਸੱਤਿਆਗ੍ਰਹਿ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਦਿੱਲੀ ਪੁਲੀਸ ਨੇ ਜ਼ਬਰਦਸਤੀ ਹਟਾ ਦਿੱਤਾ ਅਤੇ ਕਈ ਇਕੱਠਾਂ ਵਿੱਚ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲੀਸ ਦੀ ਕਾਰਵਾਈ ਨੇ ਦੇਸ਼ ਵਿਚ ਲੋਕਤੰਤਰ ਦਾ ਗਲਾ ਘੁੱਟ ਕੇ ਰੱਖ ਦਿੱਤਾ ਹੈ। ਇਸ ਤਹਿਤ ਜੇ ਕੋਈ ਵੀ ਵਿਰੋਧੀ ਪਾਰਟੀ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦੀ ਹੈ ਤਾਂ ਉਸ ਨੂੰ ਉਨ੍ਹਾਂ ਦੀ ਤਾਨਾਸ਼ਾਹੀ ਕਾਰਜਸ਼ੈਲੀ ਨਾਲ ਕੁਚਲਿਆ ਜਾਵੇਗਾ।