ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਅਪਰੈਲ
ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਆਰੰਭੇ ਸੰਘਰਸ਼ ਨੂੰ ਅੱਜ 130 ਦਿਨ ਹੋ ਗਏ ਹਨ। ਕਿਸਾਨ ਮੋਰਚਾ ਲੰਬਾ ਚੱਲਣ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਅੱਜ ਸਿੰਘੂ ਬਾਰਡਰ ਉੱਤੇ ਕਿਸਾਨ ਆਗੂ ਬਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 6 ਅਪਰੈਲ ਨੂੰ ਮਿੱਟੀ ਸੱਤਿਆਗ੍ਰਹਿ ਕਾਫ਼ਲਾ ਜੋ 12 ਮਾਰਚ ਤੋਂ ਸ਼ੁਰੂ ਕੀਤਾ ਗਿਆ ਸੀ, ਪਹੁੰਚ ਰਿਹਾ ਹੈ। ਇਸ ਦਾ ਸਵਾਗਤ ਕੀਤਾ ਜਾਵੇਗਾ। ਅੱਜ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸਮੁੱਚੇ ਦੇਸ਼ ਦੇ ਲੋਕ ਸੰਘਰਸ਼ ਕਰ ਰਹੇ ਹਨ। ਅੱਜ ਦੇਸ਼ ਭਰ ਦੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫਸੀਆਈ) ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਗਏ ਹਨ। ਇਸ ਤੋਂ ਕੇਂਦਰ ਸਰਕਾਰ ਨੂੰ ਸਬਕ ਸਿੱਖਣ ਦੀ ਲੋੜ ਹੈ ਕਿ ਸਾਰੇ ਦੇਸ਼ ਦੇ ਲੋਕ ਸੰਘਰਸ਼ ਦੇ ਮੈਦਾਨ ਵਿੱਚ ਸ਼ਾਮਲ ਹਨ। ਅੱਜ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 10 ਅਪਰੈਲ ਨੂੰ ਕੁੰਡਲੀ ਮਾਨੇਸਰ ਪਲਵਲ ਕੇਐਮਪੀ ਐਕਸਪ੍ਰੈੱਸਵੇਅ ਮਾਰਗ ਨੂੰ 24 ਘੰਟੇ ਲਈ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦਿਨ ਭਾਰਤ ਦੇ ਸਾਰੇ ਸੂਬਿਆਂ ਦੇ ਕਿਸਾਨ ਇਸ ਚੱਕਾ ਜਾਮ ਵਿੱਚ ਹਿੱਸਾ ਲੈਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵਾਲੀ ਮੋਦੀ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਕੁਚਲਣ ਲਈ ਹਰ ਹਰਬਾ ਵਰਤਿਆ ਪਰ ਜੁਝਾਰੂ ਕਿਸਾਨਾਂ ਨੇ ਸਫ਼ਲ ਨਹੀਂ ਹੋਣ ਦਿੱਤਾ। ਕੇਂਦਰ ਸਰਕਾਰ ਖ਼ਿਲਾਫ਼ ਦੋ ਮਹੀਨੇ ਦੇ ਉੱਪਰ ਸਮੇਂ ਤੋਂ ਕੋਈ ਗੱਲਬਾਤ ਨਹੀਂ ਕਰ ਰਹੀ ਜਿਸ ਕਰ ਕੇ ਕਿਸਾਨ ਮੋਰਚਾ ਹੋਰ ਲੰਬਾ ਚੱਲਣ ਦੇ ਆਸਾਰ ਹਨ। ਕਿਸਾਨਾਂ ਨੂੰ ਜੇਠ-ਹਾੜ੍ਹ ਦੀਆਂ ਤਪਦੀਆਂ ਧੁੱਪਾਂ ਸਹਿਣ ਲਈ ਤਿਆਰ ਰਹਿਣਾ ਪਵੇਗਾ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੋ ਕਿਸਾਨ ਮੋਰਚਿਆਂ ਵਿੱਚ ਡਟੇ ਹੋਏ ਹਨ, ਪਿੰਡਾਂ ਦੇ ਲੋਕ ਪਹਿਲਾਂ ਇਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਸਾਂਭਣਗੇ। ਬਹੁਤ ਸਾਰੇ ਕੰਬਾਈਨਾਂ ਮਾਲਕਾਂ ਨੇ ਐਲਾਨ ਕਰ ਦਿੱਤਾ ਹੈ ਕਿ ਮੋਰਚਿਆਂ ਵਿੱਚ ਸ਼ਮੂਲੀਅਤ ਵਾਲੇ ਕਿਸਾਨਾਂ ਦੀਆਂ ਫ਼ਸਲਾਂ ਮੁਫ਼ਤ ਵੱਢਣਗੇ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਜਿੰਨਾ ਮਰਜ਼ੀ ਜੁਲਮ ਕਰ ਲੈਣ ਪਰ ਕਿਸਾਨ ਪਿੱਛੇ ਨਹੀਂ ਹਟਣਗੇ।