ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੇ ਦੋਸ਼ ਲਾਇਆ ਕਿ ਮੁੰਡਕਾ ਅਗਨੀ ਕਾਂਡ ਲਈ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉੱਤਰੀ ਐਮਸੀਡੀ ਲਾਲਡੋਰਾ ਇਲਾਕੇ ਵਿੱਚ ਕਥਿਤ ਗੈਰਕਾਨੂੰਨੀ ਢੰਗ ਨਾਲ ਲਾਇਸੈਂਸ ਦੇ ਕੇ ਫੈਕਟਰੀ ਚਲਾ ਰਹੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਲਾਲ ਡੋਰਾ ਐਕਸਟੈਂਸ਼ਨ ਵਿੱਚ ਕਾਨੂੰਨ ਮੁਤਾਬਕ ਵਪਾਰਕ ਗਤੀਵਿਧੀ ਨਹੀਂ ਹੋ ਸਕਦੀ ਤਾਂ ਭਾਜਪਾ ਆਗੂ ਮਨੀਸ਼ ਲਾਕੜਾ ਨੂੰ ਲਾਇਸੈਂਸ ਕਿਵੇਂ ਮਿਲਿਆ? ਉਨ੍ਹਾਂ ਕਿਹਾ ਕਿ ਦਿੱਲੀ ਭਰ ਵਿੱਚ ਭਾਜਪਾ ਦੇ ਕੌਂਸਲਰ ਨਾਜਾਇਜ਼ ਉਸਾਰੀਆਂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਇਸ ਗੱਲ ਦੀ ਜਾਂਚ ਕਰਵਾਈ ਜਾਵੇ।