ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ’ਤੇ ਚੋਰ ਦਰਵਾਜਿਆਂ ਰਾਹੀਂ ਕੌਮੀ ਰਾਜਧਾਨੀ ਚਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਉਪ ਰਾਜਪਾਲ ਨੂੰ ਵਧੇਰੇ ਅਧਿਕਾਰ ਦੇਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਦਾ ਪ੍ਰਤੀਕਰਮ ਦਿੰਦਿਆਂ ਸਿਸੋਦੀਆ ਨੇ ਕਿਹਾ ਕਿ ਕੇਂਦਰ ਨੇ ਬੁੱਧਵਾਰ ਨੂੰ ਐੱਨਸੀਟੀ ਸਰਕਾਰ ਦੇ ਦਿੱਲੀ ਐਕਟ ਦੀਆਂ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ। ‘ਆਪ’ ਨੇਤਾ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਹੈ ਕਿ ਇਹ ਕਦਮ ‘ਲੋਕਤੰਤਰ, ਸੰਵਿਧਾਨ ਤੇ ਦਿੱਲੀ ਦੇ ਨਾਗਰਿਕਾਂ ਦੇ ਵਿਰੁੱਧ ਹੈ”। “ਕੇਂਦਰ ਦੀ ਸਰਕਾਰ ਨੇ ਮੰਤਰੀ ਮੰਡਲ ਵਿਚ ਦਿੱਲੀ ਦੀ ਚੁਣੀ ਹੋਈ ਸਰਕਾਰ ਦੀ ਸੱਤਾ ਖੋਹਣ ਤੇ ਇਸਨੂੰ ਕੇਂਦਰ-ਨਿਯੁਕਤ ਉਪ ਰਾਜਪਾਲ ਨੂੰ ਦੇਣ ਲਈ ਇਕ ਕਾਨੂੰਨ ਪਾਸ ਕੀਤਾ ਹੈ।’’ ਦਿੱਲੀ ਸਰਕਾਰ ਨੂੰ ਆਪਣੇ ਫੈਸਲੇ ਲੈਣ ਦੀ ਸ਼ਕਤੀ ਨਹੀਂ ਹੋਏਗੀ।