ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ
ਉੱਤਰੀ ਦਿੱਲੀ ਵਿੱਚ ਇੱਕ 12 ਸਾਲਾ ਨਾਬਾਲਗਾ ਨਾਲ ਜਬਰ-ਜਨਾਹ ਕਰਨ ਤੇ ਗਰਭਵਤੀ ਕਰਨ ਦੇ ਦੋਸ਼ ਵਿੱਚ ਨਾਬਾਲਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਪਿਛਲੇ ਸਾਲ ਨਵੰਬਰ ਵਿੱਚ ਨਾਬਾਲਗ ਲੜਕੇ ਨੇ ਪੀੜਤਾ ਨਾਲ ਬਲਾਤਕਾਰ ਕੀਤਾ ਸੀ। ਉਹ ਇੱਥੇ ਇੱਕ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਉਹ ਪੀੜਤਾ ਦੇ ਘਰ ਠਹਿਰਿਆ ਸੀ। ਹਾਲ ਹੀ ਵਿੱਚ ਬੱਚੀ ਦੇ ਪੇਟ ਵਿੱਚ ਦਰਦ ਹੋਣ ਲੱਗਾ ਤਾਂ ਉਸ ਦੀ ਮਾਂ ਉਸ ਨੂੰ ਹਸਪਤਾਲ ਲੈ ਕੇ ਗਈ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਾਂਚ ਮਗਰੋਂ ਡਾਕਟਰਾਂ ਨੇ ਦੱਸਿਆ ਕਿ ਬੱਚੀ ਗਰਭਵਤੀ ਹੈ। ਪੁਲੀਸ ਨੇ 16 ਸਾਲਾ ਲੜਕੇ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ।