ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਆਪ’ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਜੋ ਵੱਡੇ-ਵੱਡੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਵਰਗਲਾਉਣਾ ਚਾਹੁੰਦੇ ਹਨ ਜਦੋਂ ਕਿ ਦਿੱਲੀ ਦੇ ਲੋਕਾਂ ਪਹਿਲਾਂ ਹੀ ਕੌਮੀ ਰਾਜਧਾਨੀ ਵਿੱਚ ਇਨ੍ਹਾਂ ਦੀ ਨਾਕਸ ਕਾਰਗੁਜ਼ਾਰੀ ਦਾ ਖਮਿਆਜ਼ਾ ਭੁਗਤ ਰਹੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਮਾੜੀ ਆਬੋਹਵਾ ਤੇ ਪ੍ਰਦੂਸ਼ਣ ਵਿੱਚ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਕਿਉਂਕਿ ਦਿੱਲੀ ਦਾ ਮੁੱਖ ਮੰਤਰੀ ਗੱਲਾਂ ਜ਼ਿਆਦਾ ਮਾਰਦਾ ਹੈ, ਟਵੀਟ ਬਹੁਤ ਕਰਦਾ ਹੈ ਪਰ ਕਾਰਗੁਜ਼ਾਰੀ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਕੇਜਰੀਵਾਲ ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਜਦੋਂ ਕਿ ਦਿੱਲੀ ਵਿੱਚ ਉਸਦਾ ਨਿਕੰਮਾਪਨ ਹੀ ਕੌਮੀ ਰਾਜਧਾਨੀ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਨ੍ਹਾਂ ਨੇ ਪੰਜਾਬੀਆਂ ਨੂੰ ਇਸ ਕਰ ਕੇ ਇਹ ਅਪੀਲ ਕੀਤੀ ਹੈ ਕਿ ਕਿਉਂਕਿ ਦਿੱਲੀ ਦੇ ਲੋਕਾਂ ਨੇ ਪਿਛਲੇ ਕੁਝ ਦਿਨਾਂ ਤੋਂ ਕੇਜਰੀਵਾਲ ਦੀ ਪੰਜਾਬ ਵਿਚ ਵਧੀ ਹੋਈ ਸਰਗਰਮੀ ਵੇਖੀ ਹੈ ਜਿਸ ਦੌਰਾਨ ਉਹ ਝੂਠ ਤੇ ਵੱਡੇ-ਵੱਡੇ ਵਾਅਦਿਆਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦੇ ਏਜੰਡੇ ’ਤੇ ਕੰਮ ਕਰ ਰਿਹਾ ਹੈ। ਸ੍ਰੀ ਸਿਰਸਾ ਨੇ ਕੇਜਰੀਵਾਲ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਧੋਖੇ ਤੇ ਝੂਠ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਛੱਡ ਕੇ ਦਿੱਲੀ ’ਤੇ ਆਪਣਾ ਧਿਆਨ ਕੇਂਦਰਿਤ ਕਰਨ ਕਿਉਂਕਿ ਦਿੱਲੀ ਦੇ ਲੋਕਾਂ ਨੇ ਕੌਮੀ ਰਾਜਧਾਨੀ ਵਿੱਚ ਰਹਿਣ ਵਾਲੇ ਹਾਲਾਤ ਸੁਧਾਰਨ ਦੀ ਜ਼ਿੰਮੇਵਾਰੀ ਉਨ੍ਹਾਂਂ ਨੂੰ ਸੌਂਪੀ ਹੋਈ ਹੈ।