ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਸਤੰਬਰ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਤੇ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀ ਨੇ ਸੂਬਾ ਦਫ਼ਤਰ ਵਿੱਚ ਅੱਜ ਕਰਵਾਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੇ ਮਨੀਸ਼ ਸਿਸੋਦੀਆ ਨੂੰ ਬਚਾਉਣਾ ਹੈ, ਜੋ ਕਿ ਨਵੀਂ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਹਨ। ਸ੍ਰੀ ਸ਼ਾਸਤਰੀ ਨੇ ਕਿਹਾ ਕਿ ਆਬਕਾਰੀ ਨੀਤੀ ਨੂੰ ਲਾਗੂ ਕਰਨ ਤੇ ਡੀਟੀਸੀ ਦੇ ਭ੍ਰਿਸ਼ਟਾਚਾਰ ਦੇ ਕਾਂਗਰਸ ਦੇ ਦੋਸ਼ਾਂ ਤੋਂ ਧਿਆਨ ਹਟਾਉਣ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ ਦੂਜੇ ਨਾਲ ਖੋ-ਖੋ ਖੇਡ ਰਹੀਆਂ ਹਨ। ਆਮ ਆਦਮੀ ਪਾਰਟੀ ਧਿਆਨ ਹਟਾਉਣ ਲਈ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਕਿਉਂਕਿ ਸ਼ਰਾਬ ਘੁਟਾਲਾ ਸੂਬਾ ਪ੍ਰਧਾਨ ਅਨਿਲ ਕੁਮਾਰ ਵੱਲੋਂ ਸਬੂਤਾਂ ਸਮੇਤ ਦਿੱਲੀ ਪੁਲੀਸ ਕਮਿਸ਼ਨਰ ਅੱਗੇ ਪੇਸ਼ ਕੀਤਾ ਗਿਆ ਸੀ। ਭਾਜਪਾ ਨੇ ਸੋਮ ਗਰੁੱਪ ਤੋਂ 2 ਕਰੋੜ ਰੁਪਏ ਚੰਦੇ ਵਜੋਂ ਲਏ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਸ਼ਰਾਬ ਘੁਟਾਲੇ ਵਿੱਚ ਬਰਾਬਰ ਦੀ ਭਾਗੀਦਾਰ ਹੈ। ਪ੍ਰੈੱਸ ਕਾਨਫਰੰਸ ਵਿੱਚ ਸੰਚਾਰ ਵਿਭਾਗ ਦੇ ਵਾਈਸ ਚੇਅਰਮੈਨ ਪਰਵੇਜ਼ ਆਲਮ ਵੀ ਮੌਜੂਦ ਸਨ। ਪੱਤਰਕਾਰਾਂ ਨੂੰ ਆਦਰਸ਼ ਸ਼ਾਸਤਰੀ ਨੇ ਕਿਹਾ ਕਿ ਦਿੱਲੀ ਕਾਂਗਰਸ ਨੇ ਸੀਬੀਆਈ ਤੇ ਗ੍ਰਹਿ ਮੰਤਰਾਲੇ ਕੋਲ ਸ਼ਿਕਾਇਤ ਦਰਜ ਕਰਵਾ ਕੇ ਦਿੱਲੀ ਸਰਕਾਰ ਵੱਲੋਂ 1000 ਬੱਸਾਂ ਦੀ ਖਰੀਦ ਅਤੇ ਰੱਖ-ਰਖਾਅ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ । ਉਨ੍ਹਾਂ ਸਵਾਲ ਕੀਤਾ ਕਿ ਡੀਟੀਸੀ ਘੁਟਾਲੇ ਦੇ 1 ਸਾਲ ਬਾਅਦ ਵੀ ਸੀਬੀਆਈ ਨੇ ਜਾਂਚ ਕਿਉਂ ਨਹੀਂ ਕੀਤੀ ਤੇ ਐਫਆਈਆਰ ਕਿਉਂ ਦਰਜ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਜਾਂਚ ਚੱਲ ਰਹੀ ਸੀ ਤਾਂ ਮਾਮਲੇ ਨੂੰ ਮੁੜ ਪੇਤਲਾ ਕਰਨ ਲਈ ਮੁੱਖ ਸਕੱਤਰ ਦੀ ਰਿਪੋਰਟ ’ਤੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਿਉਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਚੱਲ ਰਹੀ ਜਾਂਚ ਨੂੰ ਬੰਦ ਕਰਕੇ ਕਮਜ਼ੋਰ ਕੇਸ ਦਰਜ ਕਰਨ ਦੀ ਸਾਜ਼ਿਸ਼ ਹੈ ਤਾਂ ਸਬੂਤ ਸੀਬੀਆਈ ਨੂੰ ਕਿਉਂ ਨਹੀਂ ਭੇਜੇ ਜਾ ਰਹੇ।
ਨਿਗਮ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ: ਅਨਿਲ ਕੁਮਾਰ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਦੀ ਹੱਦਬੰਦੀ ਤੋਂ ਬਾਅਦ ਕਾਂਗਰਸ ਪਾਰਟੀ 272 ਵਾਰਡਾਂ ਦੀ ਬਜਾਏ 250 ਵਾਰਡਾਂ ਦਾ ਸਵਾਗਤ ਕਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਤੇ ਬੂਥ ਪੱਧਰ ’ਤੇ ਕਾਂਗਰਸੀ ਵਰਕਰ ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸੰਦੇਸ਼ ਨੂੰ ਲੈ ਕੇ ਸੰਗਠਨ ਨੂੰ ਮਜ਼ਬੂਤ ਕਰ ਰਹੇ ਹਨ। ਵਾਰਡਾਂ ਦੀ ਹੱਦਬੰਦੀ ’ਤੇ ਇਤਰਾਜ਼ ਸੁਝਾਉਣ ਲਈ ਕਾਂਗਰਸ ਦੀ ਹੱਦਬੰਦੀ ਕਮੇਟੀ ਬਣਾਈ ਹੈ। ਉਨ੍ਹਾਂ ਕਿਹਾ ਕਿ 4 ਸਤੰਬਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਰਾਮਲੀਲਾ ਮੈਦਾਨ ਵਿੱਚ ਹੋ ਰਹੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਦਿੱਲੀ ਵਾਸੀਆਂ ਦੀ ਹਾਜ਼ਰੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਦਿੱਲੀ ਦੇ ਲੋਕ ਆਉਣ ਵਾਲੀਆਂ ਨਿਗਮ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇਣ ਜਾ ਰਹੇ ਹਨ। ਦਿੱਲੀ ਦੇ ਲੋਕ ਭਾਜਪਾ ਅਤੇ ਕੇਜਰੀਵਾਲ ਸਰਕਾਰ ਦੇ ਕੁਸ਼ਾਸਨ ਨੂੰ ਚੰਗੀ ਤਰ੍ਹਾਂ ਪਛਾਣ ਚੁੱਕੇ ਹਨ ਅਤੇ ਆਉਣ ਵਾਲੀਆਂ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ।