ਨਵੀਂ ਦਿੱਲੀ, 21 ਜੁਲਾਈ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ‘ਖਿਲਵਾੜ’ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਕਿਸੇ ਵੇਲੇ ਵੀ ਕੁਝ ਵੀ ਹੋ ਸਕਦਾ ਹੈ। ਸਿੰਘ ਨੇ ਕਿਹਾ, ‘‘ਭਾਜਪਾ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ, ਉਹ ਕਹਿ ਰਹੇ ਹਨ ਕਿ ਕੇਜਰੀਵਾਲ ਮਠਿਆਈਆਂ ਖਾ ਰਿਹਾ ਹੈ ਤੇ ਆਪਣੇ ਸ਼ੂਗਰ ਦੇ ਪੱਧਰ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਹੁਣ ਉਹ ਕਹਿ ਰਹੇ ਹਨ ਕਿ ਉਸ ਨੇ ਆਪਣਾ ਰੋਟੀ ਪਾਣੀ ਘਟਾ ਦਿੱਤਾ ਹੈ। ਕੋਈ ਅਜਿਹਾ ਕਿਉਂ ਕਰੇਗਾ ਤੇ ਆਪਣੀ ਜਾਨ ਨੂੰ ਖ਼ਤਰੇ ਵਿਚ ਕਿਉਂ ਪਾਏਗਾ?’’ ਸਿੰਘ ਨੇ ਕਿਹਾ, ‘‘ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।’’ -ਪੀਟੀਆਈ