ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ ਵਿੱਚ ਭਾਜਪਾ ਦੇ ਇੱਕ ਵਫ਼ਦ ਨੇ ਅੱਜ ਹਵਾ ਪ੍ਰਦੂਸ਼ਣ ਕਮਿਸ਼ਨ ਦੇ ਚੇਅਰਮੈਨ ਐਮ.ਐਮ ਕੁੱਟੀ ਨੂੰ ਇੱਕ ਮੰਗ ਪੱਤਰ ਸੌਂਪਿਆ ਅਤੇ ਦਿੱਲੀ ਵਿੱਚ ਪ੍ਰਦੂਸ਼ਿਤ ਅਤੇ ਜ਼ਹਿਰੀਲੀ ਹਵਾ ਉੱਤੇ ਚਿੰਤਾ ਪ੍ਰਗਟਾਈ। ਸ੍ਰੀ ਗੁਪਤਾ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਸਾਲ ਦਰ ਸਾਲ ਬਹੁਤ ਗੰਭੀਰ ਹੁੰਦੀ ਜਾ ਰਹੀ ਹੈ। ਦਿੱਲੀ ਦੇ ਲੋਕ ਕਿੰਨੀ ਜ਼ਹਿਰੀਲੀ ਹਵਾ ਵਿਚ ਸਾਹ ਲੈ ਰਹੇ ਹਨ। ਵਫ਼ਦ ਵਿੱਚ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ, ਮਨਜਿੰਦਰ ਸਿੰਘ ਸਿਰਸਾ ਹਾਜ਼ਰ ਸਨ। ਸ੍ਰੀ ਗੁਪਤਾ ਨੇ ਕਿਹਾ ਕਿ ਦਿੱਲੀ ਦੀ ਹਵਾ ਇੰਨੀ ਜ਼ਹਿਰੀਲੀ ਤੇ ਪ੍ਰਦੂਸ਼ਿਤ ਹੋ ਚੁੱਕੀ ਹੈ ਕਿ ਇਸ ਨਾਲ ਫੇਫੜਿਆਂ ਦੀਆਂ ਬਿਮਾਰੀਆਂ ਹੋਣ ਦਾ ਖਦਸ਼ਾ ਹੈ। ਇਹ ਇੱਕ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਕੇਜਰੀਵਾਲ ਸਰਕਾਰ ਪ੍ਰਦੂਸ਼ਣ ਨੂੰ ਲੈ ਕੇ ਬਿਆਨਬਾਜ਼ੀ ਕਰਦੀ ਆ ਰਹੀ ਹੈ ਪਰ ਅੱਜ ਵੀ ਪ੍ਰਦੂਸ਼ਣ ਦੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ।