ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜੂਨ
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੇ ਆਗੂ ਬਸੰਤ ਸਿੰਘ ਕੋਠਾ ਗੁਰੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਰਿਆਣੇ ਦੇ ਪੰਚਕੂਲਾ ਸ਼ਹਿਰ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਦੇ ਘਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਜਾ ਰਹੇ ਸ਼ਾਂਤਮਈ ਕਿਸਾਨਾਂ ਨੂੰ ਘੇਰ ਕੇ ਉਨ੍ਹਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਆਗੂਆਂ ਦਾ ਜਨਤਕ ਥਾਵਾਂ ‘ਤੇ ਸ਼ਾਂਤਮਈ ਵਿਰੋਧ ਕਰਨ ਦੇ ਦਿੱਤੇ ਸੱਦੇ ਤਹਿਤ ਟੋਹਾਣਾ ਦੇ ਵਿਧਾਇਕ ਦਵਿੰਦਰ ਬਬਲੀ ਦਾ ਸ਼ਹਿਰ ਵਿੱਚ ਪਹੁੰਚਣ ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਵਿਧਾਇਕ ਵੱਲੋਂ ਕਿਸਾਨਾਂ ਨਾਲ ਗਾਲੀ ਗਲੋਚ ਤੇ ਹੱਥੋਪਾਈ ਕੀਤੀ ਗਈ।
ਹਰਿਆਣੇ ਦੀ ਪੁਲੀਸ ਵੱਲੋਂ ਕਿਸਾਨਾਂ ‘ਤੇ ਪਰਚੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਜਿਸ ਦੇ ਵਿਰੋਧ ’ਚ ਹਰਿਆਣੇ ਦੇ ਕਿਸਾਨਾਂ ਵੱਲੋਂ ਟੋਹਾਣਾ ਥਾਣੇ ਦਾ ਘਿਰਾਓ ਕੀਤਾ ਹੋਇਆ ਹੈ। 7 ਜੂਨ ਨੂੰ ਹਰਿਆਣੇ ਦੀਆਂ ਸਮੂੱਚੀਆ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣੇ ਦੇ ਸਾਰੇ ਥਾਣਿਆਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।