ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਚੱਲ ਰਹੀ ਬਹਿਸਬਾਜ਼ੀ ’ਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਕੈਪਟਨ ਖੱਟਰ ਨਾਲ ਸਿੰਗ ਫਸਾਉਣ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਨਾਲ ਟੱਕਰ ਲੈਣ। ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਸੋਚੀ ਸਮਝੀ ਸਾਜ਼ਿਸ਼ ਤਹਿਤ ਲੋਕਾਂ ਦਾ ਧਿਆਨ ਭਟਕਾਉਣ ਦੇ ਮਕਸਦ ਕਾਰਨ ਖੱਟਰ ਨਾਲ ਬਿਆਨਬਾਜ਼ੀ ਕਰਨ ਲੱਗੇ ਹੋਏ ਹਨ। ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਉਲਝ ਕੇ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜਿਵੇਂ ਉਹ ਕਿਸਾਨਾਂ ਦੇ ਹਮਾਇਤੀ ਹੋਣ, ਜਦੋਂ ਕਿ ਅਸਲੀਅਤ ਇਸ ਤੋਂ ਉਲਟ ਹੈ। ‘ਆਪ’ ਆਗੂ ਨੇ ਕਿਹਾ ਕਿ ਕਾਲੇ ਕਾਨੂੰਨਾਂ ਬਾਰੇ ਕੈਪਟਨ ਦੀ ਭੂਮਿਕਾ ਸ਼ੁਰੂ ਤੋਂ ਹੀ ਸ਼ੱਕੀ ਅਤੇ ਦੋਹਰੇ ਮਾਪਦੰਡਾਂ ਵਾਲੀ ਰਹੀ ਹੈ। ਜੇ ਖੇਤੀ ਆਰਡੀਨੈਂਸਾਂ ਬਾਰੇ ਗਠਿਤ ਕੇਂਦਰ ਦੀ ਹਾਈਪਾਵਰ ਕਮੇਟੀ ’ਚ ਕੈਪਟਨ ਸਖ਼ਤ ਸਟੈਂਡ ਲੈਂਦੇ ਅਤੇ ਭਾਜਪਾ ਦੇ ਮਨਸੂਬਿਆਂ ਨੂੰ ਜਨਤਕ ਕਰਦੇ ਤਾਂ ਮੋਦੀ ਸਰਕਾਰ ਕਾਲੇ ਕਾਨੂੰਨ ਪਾਸ ਕਰਨ ਦੀ ਗੁਸਤਾਖ਼ੀ ਨਾ ਕਰਦੀ। ਉਨ੍ਹਾਂ ਕਿਹਾ ਕਿ ਕੈਪਟਨ ਮੋਦੀ ਸਰਕਾਰ ਦੇ ਹੰਕਾਰ ਨਾਲ ਭਰੇ ਅਤੇ ਸ਼ਰਤਾਂ ਵਾਲੇ ਫ਼ੈਸਲਿਆਂ ਦਾ ਸਵਾਗਤ ਕਰਨ ਵਾਲੀ ਨੀਤੀ ਛੱਡ ਕੇ ਮੋਦੀ ਸਰਕਾਰ ’ਤੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲ ਕਰਨ ਅਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਦਬਾਅ ਪਾਉਣ।