ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਨਾਨਕ ਪਿਆਊ ਵਿੱਚ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦੇ ਜੋਤਿ ਜੋਤ ਸਮਾਉਣ ਦੇ ਦਿਵਸ ਮੌਕੇ ‘ਤੇ ਪ੍ਰੋਗਰਾਮ ਵਿਚ ਜੁੜੀ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦੁਨੀਆਂ ਵਿਚ ਸਭ ਤੋਂ ਪਹਿਲਾਂ ਭੁੱਖੇ ਸਾਧੂਆਂ ਨੂੰ ਲੰਗਰ ਛਕਾਉਣ ਨਾਲ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ। ਊਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਰਾਹ ‘ਤੇ ਚੱਲਦਿਆਂ ਹੀ ਬਾਲਾ ਪ੍ਰੀਤਮ ਦਵਾਖਾਨੇ ਦੀ ਸ਼ੁਰੂਆਤ ਕੀਤੀ ਹੈ ਜਿਥੇ ਰੋਜ਼ਾਨਾ ਹਜ਼ਾਰਾਂ ਪੀੜਤ ਸਸਤੀਆਂ ਦਵਾਈਆਂ ਲੈ ਕੇ ਆਪੋ ਆਪਣਾ ਤੇ ਆਪਣੇ ਪਰਿਵਾਰਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਗੁਰੂ ਨਾਨਕ ਦੇਵ ਦੇ ਜੋਤਿ ਜੋਤ ਸਮਾਉਣ ਦੇ ਦਿਵਸ ‘ਤੇ ਗੁਰ ਘਰ ਵਿਚ ਨਤਮਸਤਕ ਹੋ ਕੇ ਸੰਗਤ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਇਸ ਮੌਕੇ ਸਵੇਰ ਤੋਂ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਗਿਆ।