ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਹ ਰਾਜਧਾਨੀ ਵਿੱਚ ਪੁਲੀਸ ਅਤੇ ਸਿਵਲ ਅਧਿਕਾਰੀਆਂ ਦੀ ਰੋਹੜੀ-ਫੜ੍ਹੀ ਵਾਲਿਆਂ ਖ਼ਿਲਾਫ਼ ਕਥਿਤ ਕਾਰਵਾਈ ਦਾ ਮੁੱਦਾ ਦਿੱਲੀ ਦੇ ਨਵੇਂ ਪੁਲੀਸ ਕਮਿਸ਼ਨਰ ਅੱਗੇ ਚੁੱਕਣਗੇ। ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਸੜਕ ਵਿਕਰੇਤਾਵਾਂ ਦੀ ਇੱਜ਼ਤ ਅਤੇ ਸਨਮਾਨ ਦੀ ਰਾਖੀ ਲਈ ਕਦਮ ਚੁੱਕਣ ਲਈ ਲਿਖਿਆ ਹੈ, ਜਿਨ੍ਹਾਂ ਨੂੰ ਹੁਣ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਰਾਹੀਂ ਉਦਮੀ ਬਣਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਨਰਾਇਣ ਦਾਸ ਗੁਪਤਾ ਨੇ ਮੰਤਰੀ ਨੂੰ ਪੁੱਛਿਆ ਕਿ ਕੀ ਕੇਂਦਰ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਗਲੀਆਂ ਦੇ ਵੈਂਡਰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ? ਜਿਸ ’ਤੇ ਪੁਰੀ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਇਸ ਮੁੱਦੇ ਵੱਲ ਖਿੱਚਿਆ ਗਿਆ ਹੈ। ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਨਵੇਂ ਪੁਲੀਸ ਕਮਿਸ਼ਨਰ ਦੀ ਨਿਯੁਕਤੀ ਹੋਈ ਹੈ ਅਤੇ ਉਹ ਉਨ੍ਹਾਂ ਨਾਲ ਸੜਕ ਵਿਕਰੇਤਾਵਾਂ ਦੇ ਮੁੱਦੇ ’ਤੇ ਗੱਲ ਕਰਨਗੇ। ਮੰਤਰੀ ਨੇ ਕਿਹਾ ਕਿ 2020 ਵਿੱਚ ਮਹਾਮਾਰੀ ਦੇ ਸਿਖਰ ’ਤੇ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 32 ਲੱਖ ਰੇਹੜੀ-ਫੜ੍ਹੀ ਵਾਲਿਆਂ ਨੂੰ 3,683 ਕਰੋੜ ਰੁਪਏ ਤੋਂ ਵੱਧ ਦਿੱਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਔਰਤਾਂ ਨੇ ਵੀ ਕਰਜ਼ੇ ਲਏ ਹਨ। ਇਹ ਇੱਕ ਅਜਿਹੀ ਸਕੀਮ ਹੈ ਜੋ ਥੋੜ੍ਹੇ ਸਮੇਂ ਵਿੱਚ ਬਹੁਤ ਵਧੀਆ ਕੰਮ ਕਰ ਰਹੀ ਹੈ।