ਪੱਤਰ ਪ੍ਰੇਰਕ
ਨਵੀਂ ਦਿੱਲੀ, 3 ਨਵੰਬਰ
ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਸਾਰੇ ਇਤਿਹਾਸਕ ਗੁਰਦੁਆਰਿਆਂ ’ਚ 8 ਨਵੰਬਰ ਤੋਂ ਸਮਾਗਮ ਕਰਵਾਏ ਜਾਣਗੇ, ਜੋ ਅਪਰੈਲ 2021 ਤੱਕ ਚਲਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਨੇ ਕੌਮੀ ਰਾਜਧਾਨੀ ਖੇਤਰ ਦਿੱਲੀ ਵਿੱਚ ਕੰਮ ਕਰਨ ਵਾਲੇ 400 ਸਿੱਖ ਧਾਰਮਿਕ ਤੇ ਸਿੱਖ ਚੈਰੀਟੇਬਲ ਸੰਸਥਾਵਾਂ ਨਾਲ ਮਿਲ ਕੇ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਅਖੰਡ ਪਾਠ ਕਰਵਾਇਆ ਜਾਵੇਗਾ, ਜਿਸ ਦਾ ਭੋਗ 8 ਨਵੰਬਰ ਨੂੰ ਪਾਇਆ ਜਾਵੇਗਾ ਅਤੇ 8 ਨਵੰਬਰ ਤੋਂ 6 ਮਹੀਨੇ ਤੱਕ ਚੱਲਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ।
ਸ਼ਹੀਦਾਂ ਦੀ ਯਾਦ ਵਿੱਚ ਬਣੇਗਾ ਸਮਾਰਕ: ਜਰਨੈਲ ਸਿੰਘ
1984 ਨਸਲਖੁਸ਼ੀ ਦੇ ਸ਼ਹੀਦਾਂ ਦੀ ਯਾਦਗਾਰ ਵਿੱਚ ਗੁਰੂਦੁਆਰਾ ਸ਼ਹੀਦ ਗੰਜ, ਤਿਲਕ ਵਿਹਾਰ ਵਿੱਚ 36ਵਾਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਿਲਕ ਨਗਰ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਨੇ ਸਮਾਗਮ ਵਿੱਚ ਹਾਜ਼ਰੀ ਸ਼ਿਰਕਤ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ 1984 ਦੇ ਪੀੜਤਾਂ ਦੇ 400 ਯੂਨਿਟ ਤਕ ਦੇ ਬਿਜਲੀ ਬਿੱਲ ਮੁਆਫ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾਇਰੇ ਨੂੰ ਵਧਾਇਆ ਜਾਏਗਾ। ਇਸ ਮੌਕੇ ਜਰਨੈਲ ਸਿੰਘ ਨੇ ਸ਼ਹੀਦਾਂ ਦੀ ਯਾਦ ਵਿੱਚ ਯਾਦਗਾਰੀ ਸਮਾਰਕ ਬਣਾਉਣ ਦਾ ਵੀ ਐਲਾਨ ਕੀਤਾ।