ਨਵੀਂ ਦਿੱਲੀ, 14 ਸਤੰਬਰ
ਦਿੱਲੀ ਟ੍ਰੈਫਿਕ ਪੁਲੀਸ ਨੇ ਬੁੱਧਵਾਰ ਨੂੰ ਲੋਕਾਂ ਨੂੰ ਚਾਰ ਪਹੀਆ ਵਾਹਨਾਂ ਦੀਆਂ ਪਿਛਲੀਆਂ ਸੀਟਾਂ ’ਤੇ ਬੈਲਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿੱਚ ਅਸਫਲ ਰਹਿਣ ’ਤੇ ਉਨ੍ਹਾਂ ਨੂੰ 1,000 ਰੁਪਏ ਦਾ ਜੁਰਮਾਨਾ ਭੁਗਤਣਾ ਪਵੇਗਾ। ਇਸ ਮੁਹਿੰਮ ਦੇ ਪਹਿਲੇ ਦਿਨ ਪੁਲੀਸ ਨੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਦਿੱਲੀ ਦੇ ਕਨਾਟ ਪਲੇਸ ਨੇੜੇ ਬਾਰਾਖੰਬਾ ਰੋਡ ‘ਤੇ ਚੈਕਿੰਗ ਕੀਤੀ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਦੀ ਮੁਹਿੰਮ ਦੌਰਾਨ ਕੁੱਲ 17 ਚਲਾਨ ਕੀਤੇ ਗਏ। ਜਾਣਕਾਰੀ ਅਨੁਾਰ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ (54) ਦੀ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਵਿੱਚ ਸੜਕ ਹਾਦਸੇ ’ਚ ਮੌਤ ਹੋ ਜਾਣ ਤੋਂ ਬਾਅਦ ਇਹ ਮੁਹਿੰਮ ਚਲਾਈ ਗਈ ਹੈ। ਅਧਿਕਾਰੀ ਮੁਤਾਬਕ ਉਹ ਪਹਿਲਾਂ ਹੀ ਸੀਟ ਬੈਲਟ ਪਹਿਨਣ ਦੇ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪੁਲੀਸ ਇੱਕ ਮੁਹਿੰਮ ਚਲਾ ਰਹੀ ਹੈ। -ਪੀਟੀਆਈ