ਨਵੀਂ ਦਿੱਲੀ, 11 ਜਨਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨੇ ਦਿੱਲੀ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਰਾਜਧਾਨੀ ਵਿੱਚ ਲਗਾਈਆਂ ਗਈਆਂ ਕੋਵਿਡ ਪਾਬੰਦੀਆਂ ਪੂਰੇ ਐਨਸੀਆਰ ਵਿੱਚ ਲਾਗੂ ਕੀਤੀਆਂ ਜਾਣਗੀਆਂ। ਲੋਕ ਨਾਇਕ ਹਸਪਤਾਲ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਪਹੁੰਚੇ ਸ੍ਰੀ ਕੇਜਰੀਵਾਲ ਨੇ ਮੀਡੀਆ ਨੂੰ ਦੱਸਿਆ ਕਿ ਇਸ ਗੱਲ ਬਾਰੇ ਅਗਾਉਂ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ ਕਿ ਕਰੋਨਾ ਦੀ ਤੀਸਰੀ ਲਹਿਰ ਸਿਖਰ ’ਤੇ ਕਦੋਂ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਜਬੂਰੀ ਵਿੱਚ ਪਾਬੰਦੀਆਂ ਲਗਾਉਣੀਆਂ ਪੈ ਰਹੀਆਂ ਹਨ ਤੇ ਉਨ੍ਹਾਂ ਨੇ ਦੁਹਰਾਇਆ ਕਿ ਪੂਰਨ ਲੌਕਡਾਊਨ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਬੰਦੀਆਂ ਨਾਲ ਲੋਕਾਂ ਦੇ ਰੁਜ਼ਗਾਰ ’ਤੇ ਮਾੜਾ ਅਸਰ ਪੈਂਦਾ ਹੈ ਤੇ ਜਦੋਂ ਕਰੋਨਾ ਕੇਸ ਘੱਟ ਜਾਣਗੇ ਤਾਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਪ੍ਰਤੀਨਿਧੀਆਂ ਨੂੰ ਕਿਹਾ ਗਿਆ ਸੀ ਕਿ ਸਿਰਫ ਦਿੱਲੀ ਵਿੱਚ ਹੀ ਨਹੀਂ ਸਗੋਂ ਐੱਨਸੀਆਰ (ਕੌਮੀ ਰਾਜਧਾਨੀ ਖੇਤਰ) ਵਿੱਚ ਵੀ ਕੋਵਿਡ ਪਾਬੰਦੀਆਂ ਲਾਗੂ ਕੀਤੀਆਂ ਜਾਣ। -ਪੀਟੀਆਈ