ਨਵੀਂ ਦਿੱਲੀ, 19 ਨਵੰਬਰ
ਦਿੱਲੀ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 3 ਦਸੰਬਰ ਤੱਕ ਹੋਵੇਗਾ। ਇਸ ਸਬੰਧੀ ਵਿਧਾਨ ਸਭਾ ਸਕੱਤਰੇਤ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਦਿੱਲੀ ਵਿਧਾਨ ਸਭਾ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਪ੍ਰਸ਼ਨ ਕਾਲ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਲਿਖੇ ਪੱਤਰ ਵਿੱਚ ਵਿਜੇਂਦਰ ਗੁਪਤਾ ਨੇ ਕਿਹਾ ਕਿ ਇਸ ਸਾਲ ਹੋਏ ਕਿਸੇ ਵੀ ਸੈਸ਼ਨ ਵਿੱਚ ਪ੍ਰਸ਼ਨ ਕਾਲ ਨਹੀਂ ਰੱਖਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨਾਂ ਵਿੱਚ ਪ੍ਰਸ਼ਨ ਕਾਲ ਨੂੰ ਸ਼ਾਮਲ ਨਾ ਕਰਨਾ ਲੋਕਤੰਤਰੀ ਪ੍ਰਣਾਲੀ ਵਿੱਚ ਜਨਤਕ ਨੁਮਾਇੰਦਿਆਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਆਪਣੇ ਹਲਕਿਆਂ ਦੇ ਲੋਕਾਂ ਪ੍ਰਤੀ ਜਵਾਬਦੇਹ ਹੁੰਦੇ ਹਨ ਅਤੇ ਵਿਧਾਨ ਸਭਾ ਹੀ ਇੱਕ ਅਜਿਹਾ ਮੰਚ ਹੈ ਜਿੱਥੇ ਉਹ ਪ੍ਰਸ਼ਨ ਕਾਲ ਦੌਰਾਨ ਆਪਣੇ ਹਲਕੇ ਦੇ ਮੁੱਦੇ ਉਠਾ ਸਕਦੇ ਹਨ ਅਤੇ ਸਰਕਾਰ ਤੋਂ ਇਨ੍ਹਾਂ ਮਸਲਿਆਂ ਦਾ ਹੱਲ ਮੰਗ ਸਕਦੇ ਹਨ।