ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਨੇ ਮੰਗਲਵਾਰ ਨੂੰ ਸਫਦਰਜੰਗ ਹਸਪਤਾਲ ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇੱਕ ਔਰਤ ਨੇ ਹਸਪਤਾਲ ਦੇ ਐਮਰਜੈਂਸੀ ਵਿੰਗ ਬਾਹਰ ਬੱਚੇ ਨੂੰ ਜਨਮ ਦਿੱਤਾ ਸੀ ਕਿਉਂਕਿ ਉਸ ਨੂੰ ਕਥਿਤ ਤੌਰ ’ਤੇ ਕੇਂਦਰ ਦੁਆਰਾ ਚਲਾਏ ਜਾ ਰਹੇ ਹਸਪਤਾਲ ਵਿਚ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕਮਿਸ਼ਨ ਨੇ ਇਸ ਮਾਮਲੇ ਵਿਚ ਰਿਪੋਰਟ ਮੰਗੀ ਸੀ। ਬੱਚੇ ਨੂੰ ਜਨਮ ਦੇਣ ਵਾਲੀ ਔਰਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀ ਇਸ ਮਾਮਲੇ ਵਿੱਚ ਹਸਪਤਾਲ ਤੋਂ ਰਿਪੋਰਟ ਮੰਗੀ ਹੈ। ਵੀਡੀਓ ’ਚ ਕੁਝ ਔਰਤਾਂ ਜਣੇਪੇ ਦੌਰਾਨ ਗਰਭਵਤੀ ਔਰਤ ਨੂੰ ਸਾੜੀ ਨਾਲ ਢੱਕ ਕੇ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ। ਮੌਕੇ ’ਤੇ ਕੁਝ ਨਰਸਾਂ ਵੀ ਨਜ਼ਰ ਆ ਰਹੀਆਂ ਹਨ। ਔਰਤ ਦੇ ਰਿਸ਼ਤੇਦਾਰਾਂ ਦਾ ਦੋਸ਼ ਹੈ ਕਿ ਹਸਪਤਾਲ ਨੇ ਸੋਮਵਾਰ ਨੂੰ ਉਸ ਨੂੰ ਦਾਖ਼ਲ ਨਹੀਂ ਕੀਤਾ ਅਤੇ ਉਸ ਨੇ ਆਪਣੇ ਐਮਰਜੈਂਸੀ ਵਿਭਾਗ ਦੇ ਬਾਹਰ ਰਾਤ ਕੱਟੀ। ਸੂਤਰਾਂ ਮੁਤਾਬਕ ਹਸਪਤਾਲ ਨੇ ਵੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ