ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਨਵੰਬਰ
‘‘ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੌਲੀਵੁੱਡ ਦੀ ਅਦਾਕਾਰਾ ਕੰਗਣਾ ਰਣੌਤ ਦੇ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਜਾਵੇਗਾ।’’ ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਕੰਗਣਾ ਰਣੌਤ ਵੱਲੋਂ ਸਿੱਖ ਭਾਈਚਾਰੇ ਖ਼ਿਲਾਫ਼ ਸੋੋਸ਼ਲ ਮੀਡੀਆ ’ਤੇ ਪਾਈਆਂ ਨਫਰਤ ਭਰੀਆਂ ਪੋਸਟਾਂ ’ਤੇ ਦਿੰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਕੰਗਣਾ ਰਣੌਤ ਲਗਾਤਾਰ ਸਿੱਖ ਭਾਈਚਾਰੇ ਦੇ ਖ਼ਿਲਾਫ਼ ਪੋਸਟਾਂ ਪਾ ਰਹੀ ਹੈ ਤੇ ਹੁਣ ਉਸਨੇ ਇੰਦਰਾ ਗਾਂਧੀ ਦੀ ਵਡਿਆਈ ਕਰਦਿਆਂ ਸਿੱਖਾਂ ’ਤ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੰਗਣਾ ਨੇ ਜੇਕਰ ਸਿੱਖਾਂ ਦਾ ਇਤਿਹਾਸ ਜਾਨਣਾ ਹੈ ਤਾਂ ਫਿਰ ਉਹ ਜ਼ਕਰੀਆ ਖਾਨ, ਅਹਿਮਦ ਸ਼ਾਹ ਅਬਦਾਲੀ ਤੇ ਜਨਰਲ ਡਾਇਰ ਦੇ ਪਰਿਵਾਰਾਂ ਨੂੰ ਜਾ ਕੇ ਪੁੱਛੇ ਉਸਨੂੰ ਆਪਣੇ ਆਪ ਸਿੱਖਾਂ ਬਾਰੇ ਗਿਆਨ ਪ੍ਰਾਪਤ ਹੋ ਜਾਵੇਗਾ। ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੰਗਣਾ ਰਣੌਤ ਮਾਨਸਿਕ ਤੌਰ ’ਤੇ ਬਿਮਾਰ ਹੈ ਤੇ ਉਸਨੂੰ ਸੁਰੱਖਿਆ ਦੀ ਨਹੀਂ ਬਲਕਿ ਹਸਪਤਾਲ ਦੀ ਲੋੜ ਹੈ, ਜਿਥੇ ਉਸਦਾ ਇਲਾਜ ਹੋ ਸਕੇ। ਉਨ੍ਹਾਂ ਕਿਹਾ ਕਿ ਉਸਨੇ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਫੈਸਲੇ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਿੱਖਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੰਗਣਾ ਦਾ ਬਿਆਨ ਉਸਦੀ ਬਿਮਾਰ ਮਾਨਸਿਕਤਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਪਹਿਲਾਂ ਵੀ ਇਸਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਪਰ ਉਸਦੀ ਪੈਰਵੀ ਸਹੀ ਨਹੀਂ ਹੋ ਸਕੀ ਸੀ ਪਰ ਹੁਣ ਅਸੀਂ ਇਸਦੇ ਖ਼ਿਲਾਫ਼ ਕੇਸ ਵੀ ਦਰਜ ਕਰਵਾਵਾਂਗੇ ਤੇ ਜੇਲ੍ਹ ਵੀ ਛੱਡ ਕੇ ਆਵਾਂਗੇ।