ਨਵੀਂ ਦਿੱਲੀ, 5 ਜੂਨ
ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿਹਤ ਕਾਰਨਾਂ ਦੇ ਹਵਾਲੇ ਨਾਲ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਕਰਦੀ ਇਕ ਪਟੀਸ਼ਨ ਨੂੰ ਕੌਮੀ ਰਾਜਧਾਨੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਖਾਰਜ ਕਰ ਦਿੱਤਾ। ਇਸ ਅਰਜ਼ੀ ਨੂੰ ਖਾਰਜ ਕਰਦਿਆਂ ਅਦਾਲਤ ਨੇ ਤਿਹਾੜ ਜੇਲ੍ਹ ਅਥਾਰਟੀਜ਼ ਨੂੰ ਪਟੀਸ਼ਨਰ ਅਰਵਿੰਦ ਕੇਜਰੀਵਾਲ ਦੀਆਂ ਸਾਰੀਆਂ ਲੋੜੀਂਦੀਆਂ ਮੈਡੀਕਲ ਜਾਂਚਾਂ ਕਰਵਾਉਣ ਅਤੇ ਇਲਾਜ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 19 ਜੂਨ ਤੱਕ ਵਧਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਘੀ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕੀਤਾ ਸੀ। ਇਸ ਤੋਂ ਪਹਿਲਾਂ ਇਸੇ ਅਦਾਲਤ ਨੇ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ ’ਤੇ ਪਹਿਲੀ ਜੂਨ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।
ਮਾਮਲੇ ਦੀ ਸੁਣਵਾਈ ਸਬੰਧੀ ਹੋਈ ਬਹਿਸ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਨ ਹਰੀਹਰਨ ਨੇ ਪਟੀਸ਼ਨਰ ਵੱਲੋਂ ਕਿਹਾ, ‘‘ਇਹ ਅੰਤ੍ਰਿਮ ਜ਼ਮਾਨਤ ਮੇਰੀ ਪਾਰਟੀ ਲਈ ਚੋਣ ਪ੍ਰਚਾਰ ਕਰਨ ਵਾਸਤੇ ਸੀ ਜੋ ਕਿ ਇਕ ਕੌਮੀ ਪਾਰਟੀ ਹੈ। ਮੈਂ 20 ਦਿਨਾਂ ਲਈ ਬਾਹਰ ਸੀ ਅਤੇ ਕੀ ਮੈਂ ਇਹ ਨਹੀਂ ਕੀਤਾ। ਪ੍ਰਚਾਰ ਕਾਰਨ ਇਹ ਕਾਫੀ ਤਣਾਅ ਵਾਲੇ ਦਿਨ ਸਨ ਅਤੇ ਤੁਸੀਂ ਜਾਣਦੇ ਹੋ ਕਿ ਤਣਾਅ ਡਾਇਬਟੀਜ਼ ਨੂੰ ਵਧਾਉਂਦਾ ਹੈ। ਪਿਸ਼ਾਬ ਵਿੱਚ ਕੀਟੋ ਪੱਧਰ ਦਾ ਵਧਣਾ ਖ਼ਬਰਦਾਰ ਕਰਨ ਵਾਲੀ ਸਥਿਤੀ ਹੈ।’’
ਉੱਧਰ, ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਅਤੇ ਉਨ੍ਹਾਂ ਦੀ ਨਿਆਂਇਕ ਹਿਰਾਸਤ 19 ਜੂਨ ਤੱਕ ਵਧਾ ਦਿੱਤੀ। -ਏਐੱਨਆਈ
ਸੁਨੀਤਾ ਕੇਜਰੀਵਾਲ ਤੇ ਰਾਘਵ ਚੱਢਾ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਦੇ ਨੇਮਾਂ ਮੁਤਾਬਕ ਦੋਹਾਂ ਨੂੰ ਬਾਅਦ ਦੁਪਹਿਰ 1 ਵਜੇ ਵਿਜ਼ਿਟਰ ਰੂਮ ਵਿੱਚ ‘ਆਪ’ ਮੁਖੀ ਨੂੰ ਅੱਧੇ ਘੰਟੇ ਵਾਸਤੇ ਮਿਲਣ ਦੀ ਇਜਾਜ਼ਤ ਦਿੱਤੀ ਗਈ। ਨੇਮਾਂ ਮੁਤਾਬਕ ਬਾਹਰੋਂ ਆਏ ਦੋ ਵਿਅਕਤੀ ਇਕ ਕੈਦੀ ਜਾਂ ਹਵਾਲਾਤੀ ਨੂੰ ਹਫਤੇ ਵਿੱਚ ਦੋ ਵਾਰ ਮਿਲ ਸਕਦੇ ਹਨ। ਜੇਲ੍ਹ ਅਧਿਕਾਰੀਆਂ ਮੁਤਾਬਕ ਰੋਜ਼ਾਨਾ ਦੋ ਡਾਕਟਰ ਡਾਇਬਟੀਜ਼ ਦੇ ਮਰੀਜ਼ ਕੇਜਰੀਵਾਲ ਦੀ ਜਾਂਚ ਕਰਦੇ ਹਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਇਨਸੂਲਿਨ ਦਿੱਤੀ ਜਾਂਦੀ ਹੈ। -ਪੀਟੀਆਈ