ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਮੰਗ ਕੀਤੀ ਹੈ ਕਿ ਐੱਸਸੀ, ਐੱਸਟੀ ਤੇ ਓਬੀਸੀ ਅਤੇ ਘੱਟ ਗਿਣਤੀਆਂ ਵਿਦਿਆਰਥੀਆਂ ਲਈ ਬੰਦ ਕੀਤੀ ਗਈ ਸਟੇਸ਼ਨਰੀ ਦੀ ਸਹਾਇਤਾ ਤੇ ਮੈਰਿਟ ਸਕਾਲਰਸ਼ਿਪ ਸਕੀਮ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੁੰ ਲਿਖੇ ਪੱਤਰ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਜੌਲੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਐੱਸਸੀ, ਐੱਸਟੀ, ਓਬੀਸੀ ਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਸਕੀਮ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਦੀ ਪੜਚੋਲ ਕਰਨ ’ਤੇ ਸਾਹਮਣੇ ਆਇਆ ਕਿ ਇਹ ਸਕੀਮ 2020 ਤੱਕ ਹੀ ਰੱਖੀ ਗਈ ਸੀ ਤੇ ਹੁਣ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਇਹ ਸਕੀਮ ਬਹੁਤ ਲਾਹੇਵੰਦ ਸੀ। ਸ੍ਰੀ ਜੌਲੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਣੀ ਇਹ ਸਕੀਮ ਖਤਮ ਕਰਨ ਦਾ ਫੈਸਲਾ ਖਾਰਜ ਕੀਤਾ ਜਾਵੇ ਤੇ ਮੁੜ ਸ਼ੁਰੂ ਕੀਤੀ ਜਾਵੇ।