ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬੀਤੇ ਦਿਨੀਂ ਯੂਪੀ ਦੇ ਮੰਤਰੀ ਬਲਦੇਵ ਸਿੰਘ ਔਲਖ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੇ ਸਬੰਧ ਵਿੱਚ ਕਿਸਾਨਾਂ ਉਪਰ ਦਰਜ ਮਾਮਲੇ ਵਾਪਸ ਲਏ ਜਾਣ। ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਆਪਣੇ ਲੋਕ ਵਿਰੋਧੀ ਰੁਖ ਵਿੱਚ ਕਿਸੇ ਤੋਂ ਘੱਟ ਨਹੀਂ ਹੈ। ਜਿਵੇਂ -ਜਿਵੇਂ ਰਾਜ ਵਿੱਚ ਕਿਸਾਨਾਂ ਦਾ ਅੰਦੋਲਨ ਮਜ਼ਬੂਤ ਹੁੰਦਾ ਜਾ ਰਿਹਾ ਹੈ, ਯੋਗੀ ਆਦਿਤਿਆਨਾਥ ਸਰਕਾਰ ਹੋਰ ਘਬਰਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਯੂਪੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀਲੀਭੀਤ ਵਿੱਚ ਮੰਤਰੀ ਬਲਦੇਵ ਸਿੰਘ ਔਲਖ ਦੇ ਖ਼ਿਲਾਫ਼ ਸ਼ਾਂਤਮਈ ਕਾਲੇ ਝੰਡੇ ਦੇ ਵਿਰੋਧ ਵਿੱਚ ਹਿੱਸਾ ਲੈਣ ਵਾਲੇ 58 ਕਿਸਾਨਾਂ ਦੇ ਵਿਰੁੱਧ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਸੂਬੇ ਦੀਆਂ ਕਿਸਾਨ ਯੂਨੀਅਨਾਂ ਇਨ੍ਹਾਂ ਮਾਮਲਿਆਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਇਹ ਸ਼ਾਂਤੀਪੂਰਨ ਵਿਰੋਧ ਕਰਨ ਦੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ।
ਕਿਸਾਨ ਆਗੂ ਡਾ. ਦਰਸ਼ਨ ਪਾਲ ਮੁਤਾਬਕ 26-27 ਅਗਸਤ ਦੇ ਆਲ ਇੰਡੀਆ ਸੰਮੇਲਨ ਦੀ ਤਿਆਰੀ ਚੱਲ ਰਹੀ ਹੈ, ਜਿਸ ਦਾ ਆਯੋਜਨ ਸਿੰਘੂ ਬਾਰਡਰ ਤੇ ਕੀਤਾ ਜਾਵੇਗਾ। ਐੱਸਕੇਐੱਮ ਦੇ ਹਲਕਿਆਂ ਤੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ ਤੇ ਸੈਂਕੜੇ ਕਿਸਾਨ ਸੰਗਠਨਾਂ ਦੇ ਭਾਗ ਲੈਣ ਦੀ ਉਮੀਦ ਹੈ। 26 ਅਗਸਤ 2021 ਤਕ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ਾਂਤਮਈ ਵੱਡੇ ਵਿਰੋਧ ਪ੍ਰਦਰਸ਼ਨਾਂ ਨੂੰ ਨੌਂ ਮਹੀਨੇ ਹੋਣੇ ਹਨ ਜਿਨ੍ਹਾਂ ਦਾ ਸਮਰਥਨ ਪੂਰੇ ਭਾਰਤ ਵਿੱਚ ਕੀਤਾ ਗਿਆ।