ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਨਾ ਕੱਢਣ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਮੂਹ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ। ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸਨ ਕਿ ਵਲਟੋਹਾ ਨੂੰ 24 ਘੰਟਿਆਂ ਵਿੱਚ 10 ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਕੱਲ੍ਹ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਵੀ ਹੋਈ ਜਿਸ ਵਿਚ ਇਹ ਮਾਮਲਾ ਵਿਚਾਰਿਆ ਤੱਕ ਨਹੀਂ ਗਿਆ।