ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਨਵੰਬਰ
ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਅਤੇ ਸਭਿਆਚਾਰਕ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਥੋਂ ਦੇ ਪ੍ਰਗਤੀ ਮੈਦਾਨ ਵਿੱਚ ਚੱਲ ਰਹੇ ਕੌਮਾਂਤਰੀ ਵਪਾਰ ਮੇਲੇ ਦੌਰਾਨ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ’ਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾਂ ’ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨਾ ‘ਆਪ’ ਦੀਆਂ ਮੁੱਖ ਤਰਜੀਹਾਂ ’ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ’ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸੰਮੇਲਨ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਸੈਰ-ਸਪਾਟਾ ਖੇਤਰ ਵਿਚ ਮੋਹਰੀ ਸਥਾਨ ’ਤੇ ਲਿਆਉਣਾ ਹੈ। ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀਐੱਸਆਈਈਸੀ ਦਲਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਖੀ ਗੁਪਤਾ ਭੰਡਾਰੀ ਅਤੇ ਗਾਇਕਾ ਅਫਸਾਨਾ ਖਾਨ ਦਾ ਵੀ ਸਨਮਾਨ ਕੀਤਾ ਗਿਆ।