ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਯੂਨੀਵਰਸਿਟੀ ਦੇ ਨਵ-ਨਿਯੁਕਤ ਉਪ ਕੁਲਪਤੀ ਪ੍ਰੋ. ਯੋਗੇਸ਼ ਸਿੰਘ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਪਹਿਲੀ ਮੀਟਿੰਗ ਵਿੱਚ ਪ੍ਰੋ. ਯੋਗੇਸ਼ ਸਿੰਘ ਨੇ ਡੀਯੂ ਦੇ ਉਪ-ਕੁਲਪਤੀ ਵਜੋਂ ਨਿਯੁਕਤੀ ਲਈ ਰਾਸ਼ਟਰਪਤੀ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਪ੍ਰੋ. ਯੋਗੇਸ਼ ਸਿੰਘ ਨੂੰ 22 ਸਤੰਬਰ 2021 ਨੂੰ ਡੀਯੂ ਦੇ 23ਵੇਂ ਉਪ ਕੁਲਪਤੀ ਵਜੋਂ ਨਿਯੁਕਤ ਕੀਤਾ ਗਿਆ ਸੀ ਤੇ 9 ਅਕਤੂਬਰ ਨੂੰ ਡੀਯੂ ਵਿੱਚ ਉਨ੍ਹਾਂ ਨੇ ਚਾਰਜ ਸੰਭਾਲ ਲਿਆ ਸੀ। ਰਾਸ਼ਟਰਪਤੀ ਨਾਲ ਆਪਣੀ ਮੁਲਾਕਾਤ ਵਿੱਚ ਪ੍ਰੋ. ਯੋਗੇਸ਼ ਸਿੰਘ ਨੇ ਯੂਨੀਵਰਸਿਟੀ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ। ਉਪ ਕੁਲਪਤੀ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਸਿਰਫ ਦੇਸ਼ ਹੀ ਨਹੀਂ ਬਲਕਿ ਵਿਸ਼ਵ ਦੀ ਇੱਕ ਨਾਮਵਰ ਯੂਨੀਵਰਸਿਟੀ ਹੈ। ਇਹ ਯੂਨੀਵਰਸਿਟੀ ਰਾਸ਼ਟਰੀ ਮਾਣ ਦੀ ਇੱਕ ਅਜਿਹੀ ਸੰਸਥਾ ਹੈ ਜੋ 1947 ਤੋਂ ਪਹਿਲਾਂ ਤੇ 1947 ਤੋਂ ਬਾਅਦ ਆਜ਼ਾਦੀ ਸੰਗਰਾਮ ਵਿੱਚ ਸ਼ਾਮਲ ਰਹੀ ਹੈ। ਇਸ ਨੇ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਆਉਣ ਵਾਲੇ ਸਾਲ ਵਿੱਚ ਡੀ.ਯੂ ਸਥਾਪਨਾ ਦੇ 100ਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ ਹਨ। ਇਸ ਤਰ੍ਹਾਂ ਇਸ ਯੂਨੀਵਰਸਿਟੀ ਦੀ ਇੱਜ਼ਤ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਭਰੋਸੇਯੋਗਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਹੋਰ ਵੀ ਮਜ਼ਬੂਤ ਬਣਾਉਣਾ ਜ਼ਰੂਰੀ ਹੈ।