ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਗਸਤ
ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕੇਜਰੀਵਾਲ ਸਰਕਾਰ ’ਤੇ ਦੋਸ਼ ਲਗਾਇਆ ਕਿ ਦਿੱਲੀ ’ਚ ਗੰਦਾ ਤੇ ਜ਼ਹਿਰੀਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੇਟ ਤੇ ਫੇਫੜਿਆਂ ਦੀਆਂ ਬਿਮਾਰੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿੱਚ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐੱਸਟੀਪੀ) ਵਿੱਚੋਂ ਅੱਧੇ ਤੋਂ ਵੱਧ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਨਹੀਂ ਕਰ ਰਹੇ, ਜਿਸ ਕਾਰਨ ਦਿੱਲੀ ਦੇ ਲੋਕ ਜ਼ਹਿਰੀਲਾ ਤੇ ਗੰਦਾ ਪਾਣੀ ਪੀਣ ਲਈ ਮਜਬੂਰ ਹਨ।
ਸ੍ਰੀ ਗੁਪਤਾ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਇਸ ਦੀ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਦਿੱਲੀ ਜਲ ਬੋਰਡ ਦੀ ਲਾਪ੍ਰਵਾਹੀ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਅੱਜ ਸੂਬਾ ਦਫ਼ਤਰ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਸ੍ਰੀ ਗੁਪਤਾ ਨੇ ਕਿਹਾ ਕਿ ਇਹ ਪਲਾਂਟ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੇ ਹਨ। ਇਹ ਦੋਸ਼ ਭਾਜਪਾ ਦਾ ਨਹੀਂ ਸਗੋਂ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਨਿਗਰਾਨੀ ਕਰਨ ਵਾਲੀ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦਾ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਹਰ ਮਹੀਨੇ ਆਪਣੀ ਰਿਪੋਰਟ ਦਿੱਲੀ ਅਤੇ ਜਲ ਬੋਰਡ ਨੂੰ ਭੇਜਦੀ ਹੈ ਪਰ ਕਿਸੇ ਵੀ ਪੜਾਅ ’ਤੇ ਕੇਜਰੀਵਾਲ ਸਰਕਾਰ ਨੇ ਇਸ ਗੰਭੀਰ ਮੁੱਦੇ ’ਤੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਆਮ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ| 26 ਐੱਸ.ਟੀ.ਪੀ. ਪਲਾਂਟਾਂ ਵਿੱਚੋਂ 16 ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਨਿਰਧਾਰਤ ਗੁਣਵੱਤਾ ਮਾਪਦੰਡਾਂ ਨੂੰ ਪੂਰਾ ਨਹੀਂ ਕਰ ਰਹੇ ਹਨ। ਇਹ ਖੁਲਾਸਾ ਇਨ੍ਹਾਂ ਪਲਾਂਟਾਂ ਤੋਂ ਲਏ ਗਏ ਨਮੂਨਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨੇਸ਼ਨ ਪਿੱਲਰ, ਕੋਂਡਲੀ ਅਤੇ ਨਯਾ ਕੇਸ਼ੋਪੁਰ ਪਲਾਂਟ ਸਭ ਤੋਂ ਵੱਧ ਪਾਣੀ ਦੇ ਰਹੇ ਹਨ। ਸੱਤ ਵੱਖ-ਵੱਖ ਮਾਪਦੰਡਾਂ ਵਿੱਚੋਂ ਜ਼ਿਆਦਾਤਰ ਪਲਾਂਟਾਂ ਦੇ ਪੈਰਾਮੀਟਰ ਸਹੀ ਨਹੀਂ ਪਾਏ ਗਏ। ਵਿਰੋਧੀ ਧਿਰ ਦੇ ਆਗੂ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਯਮੂਨਾ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਨਾਲ ਦਿੱਲੀ ਦੇ ਵਾਤਾਵਰਨ ’ਤੇ ਵੀ ਅਸਰ ਪੈਂਦਾ ਹੈ ਅਤੇ ਇਸ ਕਾਰਨ ਇੱਥੇ ਹਵਾ ਪ੍ਰਦੂਸ਼ਣ ਵੀ ਵੱਧ ਰਿਹਾ ਹੈ। ਉਨ੍ਹਾਂ ਕੇਜਰੀਵਾਲ ਸਰਕਾਰ ’ਤੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਾਇਆ।