ਮਨਧੀਰ ਦਿਓਲ
ਨਵੀਂ ਦਿੱਲੀ, 6 ਜੂਨ
ਪੰਜਾਬ ’ਚੋਂ ਲਗਾਤਾਰ ਕਿਸਾਨਾਂ ਦੇ ਵੱਡੇ ਕਾਫ਼ਲੇ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ਉੱਤੇ ਪੁੱਜਣੇ ਜਾਰੀ ਹਨ। ਕਿਸਾਨ ਗੰਨਾ ਸੰਘਰਸ਼ ਕਮੇਟੀ-ਦਸੂਹਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ, ਬੀਕੇਯੂ (ਦੋਆਬਾ) ਬੀਕੇਯੂ (ਸਿੱਧੂਪੁਰ), ਬੀਕੇਯੂ (ਡਕੌਂਦਾ), ਦੋਆਬਾ ਕਿਸਾਨ ਕਮੇਟੀ ਪੰਜਾਬ ਤੇ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੀ ਅਗਵਾਈ ਵਿੱਚ ਵੱਡੇ ਕਾਫ਼ਲਿਆਂ ਨੇ ਸ਼ਮੂਲੀਅਤ ਕੀਤੀ।
ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫ਼ਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂ ਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਜਥੇ ਧਰਨਿਆਂ ਵਿੱਚ ਪਹੁੰਚੇ। ਕਿਸਾਨ ਆਗੂ ਮਨਜੀਤ ਰਾਏ ਨੇ ਕਿਹਾ ਕਿ ਬੀਤੇ ਕੱਲ੍ਹ ਦੇ ਦੇਸ਼-ਵਿਆਪੀ ਪ੍ਰਦਰਸ਼ਨਾਂ ਨੂੰ ਦੇਸ਼ ਭਰ ਵਿਚੋਂ ਮਿਲੇ ਲਾਮਿਸਾਲ ਹੁੰਗਾਰੇ ਨੇ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਉੱਚਿਤ ਹਨ।
ਉਨ੍ਹਾਂ ਕਿਹਾ ਕਿ ਕਿਸਾਨ ਇਖਲਾਕੀ ਲੜਾਈ ਜਿੱਤ ਚੁੱਕੇ ਹਨ ਕਿਉਂਕਿ ਸਰਕਾਰ ਵੀ ਕਾਨੂੰਨਾਂ ਵਿੱਚ ਕਮੀਆਂ ਹੋਣ ਦੀ ਗੱਲ ਨੂੰ ਸਵੀਕਾਰ ਕਰ ਚੁੱਕੀ ਹੈ। ਇਸੇ ਕਾਰਨ ਸਰਕਾਰ ਕਾਨੂੰਨਾਂ ਵਿੱਚ ਸੋਧਾਂ ਕਰਵਾਉਣ ਅਤੇ ਇਨ੍ਹਾਂ ਨੂੰ ਡੇਢ ਦੋ ਸਾਲ ਲਈ ਅੱਗੇ ਪਾਉਣ ਦੀਆਂ ਗੱਲ ਕਰ ਰਹੀ ਹੈ। ਪਰ ਕਿਸਾਨ ਵਾਰ ਵਾਰ ਸਪੱਸ਼ਟ ਕਰ ਚੁੱਕੇ ਹਨ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਬਣਵਾਉਣ ਤੋਂ ਸਿਵਾਏ ਉਨ੍ਹਾਂ ਨੂੰ ਹੋਰ ਕੁਝ ਵੀ ਮਨਜ਼ੂਰ ਨਹੀਂ ਅਤੇ ਉਹ ਕਾਨੂੰਨ ਰੱਦ ਕਰਵਾ ਕੇ ਮੁੜਨਗੇ।
ਇਸ ਮੌਕੇ ਜੰਗਬੀਰ ਸਿੰਘ ਚੌਹਾਨ, ਰਣਜੀਤ ਸਿੰਘ ਬਾਜਵਾ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਚੋਹਕਾਂ, ਹਰਜਿੰਦਰ ਸਿੰਘ ਚੰਡੀਗੜ੍ਹ ਤੇ ਹੋਰ ਆਗੂ ਹਾਜ਼ਰ ਸਨ। ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਤੇ ਸਟੇਜ ਤੱਕ ਮਾਰਚ ਕਰਦੇ ਹੋਏ ਆਏ। ਫਿਰ ਮੰਚ ਅੱਗੇ ਜੁੜੇ ਇੱਕਠ ਦਾ ਹਿੱਸਾ ਬਣ ਗਏ।
ਬੀਕੇਯੂ (ਡਕੌਂਦਾ) ਵੱਲੋਂ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਸਬੰਧੀ ਚਰਚਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਟਿਕਰੀ ਬਾਰਡਰ ’ਤੇ ਹੋਈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਜਥੇਬੰਦੀ ਦੇ ਆਗੂਆਂ ਨਾਲ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਨੇ ਜੋ ਬੇਰੁਖ਼ੀ ਧਾਰੀ ਹੈ ਜਾਂ ਵੱਖ-ਵੱਖ ਕਿਸਮ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਉਨ੍ਹਾਂ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ। ਮੀਟਿੰਗ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਮੀਤ ਸਿੰਘ ਭੱਟੀਵਾਲ, ਰਾਮ ਸਿੰਘ ਮਟੋਰੜਾ ਅਤੇ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਪੰਜਾਬ ਤੋਂ ਕਾਫ਼ਲਿਆਂ ਦਾ ਡਿਊਟੀ ਮੁਤਾਬਕ ਆਉਣਾ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਬਠਿੰਡਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਮੁਹਾਲੀ, ਮੋਗਾ ਤੇ ਕਪੂਰਥਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਧਾਨ, ਸਕੱਤਰ ਅਤੇ ਕਨਵੀਨਰ ਹਾਜ਼ਰ ਸਨ।