ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਤੇ ਹਰਿਆਣਾ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਥਾਨਕ ਕਿਸਾਨਾਂ ਦੇ ਵਿਰੋਧ ਅਤੇ ਘਿਰਾਓ ਦਾ ਸਾਹਮਣਾ ਕਰਨਾ ਪਿਆ। ਇਹ ਸਾਰੇ ਪ੍ਰਦਰਸ਼ਨ ਸ਼ਾਂਤਮਈ ਰਹੇ। ਮੋਰਚੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਹਜ਼ਾਰਾਂ ਕਿਸਾਨ ਅੱਜ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ ਤੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ, ਜਿਸ ਦੇ ਸਿੱਟੇ ਵੱਜੋਂ ਕੱਲ੍ਹ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਮੋਰਚੇ ਮੁਤਾਬਿਕ ਕਿਸਾਨ ਖਰੀਦ ਸਬੰਧੀ ਸੰਘਰਸ਼ ਵਿੱਚ ਸਫ਼ਲ ਹੋਏ ਹਨ। ਇਸ ਤੋਂ ਇਲਾਵਾ ਮੋਰਚੇ ਨੇ ਅੱਜ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜਨਮ ਵਰ੍ਹੇਗੰਢ ਨੂੰ ਨਵੀਂ ਪ੍ਰੇਰਨਾ ਨਾਲ ਮਨਾਇਆ। ਇਸ ਮੌਕੇ ਅੱਜ ਮੋਰਚਿਆਂ ਵਿੱਚ ਇੱਕ ਦਿਨ ਦਾ ਵਰਤ ਰੱਖਿਆ ਗਿਆ। ਮੋਰਚੇ ਨੇ ਕਿਹਾ ਕਿ ‘ਜੈ ਜਵਾਨ, ਜੈ ਕਿਸਾਨ’ ਇੱਕ ਨਾਅਰਾ ਹੈ ਜੋ ਕਿਸਾਨ ਅੰਦੋਲਨ ਵਿੱਚ ਅੱਜ ਤੱਕ ਦੁਬਾਰਾ ਗੂੰਜਦਾ ਹੈ।
ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਹੋਵੇਗਾ: ਬਾਜਵਾ
ਸੰਯੁਕਤ ਕਿਸਾਨ ਮੋਰਚਾ ਗਾਜ਼ੀਪੁਰ ਬਾਰਡਰ ਦੇ ਬੁਲਾਰੇ ਕਿਸਾਨ ਆਗੂ ਜਗਤਾਰ ਸਿੰਘ ਬਾਜਵਾ ਨੇ ਕਿਹਾ ਕਿ ਉਤਰਾਖੰਡ ਸਰਕਾਰ ਨੇ ਝੋਨੇ ਦੀ ਖਰੀਦ ਸੀਮਾ 70 ਕੁਇੰਟਲ ਪ੍ਰਤੀ ਹੈਕਟੇਅਰ ਤੋਂ ਘਟਾ ਕੇ 60 ਕੁਇੰਟਲ ਪ੍ਰਤੀ ਹੈਕਟੇਅਰ ਕਰ ਦਿੱਤੀ ਹੈ। ਜਿਸ ਕਾਰਨ ਕਿਸਾਨਾਂ ਨੂੰ ਨੁਕਸਾਨ ਸਹਿਣਾ ਪੈ ਰਿਹਾ ਹੈ। ਇਸ ਲਈ ਰਜਿਸਟ੍ਰੇਸ਼ਨ ਵਿੱਚ ਆਧਾਰ ਕਾਰਡ ਤੇ ਬੈਂਕ ਬੁੱਕ ਦੀ ਵਰਤੋਂ ਕੀਤੀ ਜਾਂਦੀ ਸੀ ਹੁਣ ਸਰਕਾਰ ਨੇ ਖਸਰਾ ਆਦਿ ਵਰਗੀਆਂ ਹੋਰ ਚੀਜ਼ਾਂ ਨੂੰ ਜੋੜਨ ਦਾ ਆਦੇਸ਼ ਜਾਰੀ ਕੀਤਾ ਹੈ ਤਾਂ ਜੋ ਘੱਟੋ-ਘੱਟ ਕਿਸਾਨ ਸਰਕਾਰੀ ਹੁੱਕਾਂ ’ਤੇ ਝੋਨਾ ਤੋਲ ਸਕਣ। ਬਾਜਵਾ ਨੇ ਕਿਹਾ ਕਿ ਇਸ ਪ੍ਰਣਾਲੀ ਦੇ ਕਾਰਨ ਕਿਸਾਨਾਂ ਨੂੰ ਵੀ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨਾਂ ਦਾ ਸ਼ੋਸ਼ਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।