ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਗਸਤ
ਦਿੱਲੀ ਸਰਕਾਰ ਨੇ ਸਕੂਲਾਂ ਦੇ ਅਧਿਆਪਕਾਂ ਲਈ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਵਰਤਣ ਲਈ ਇੱਕ ਪਾਠਕ੍ਰਮ ਵਿਕਸਿਤ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਅਧਿਆਪਕਾਂ ਨੇ ਅੱਜ ਪ੍ਰਾਜੈਕਟ ਦੀ ਸ਼ੁਰੂਆਤ ’ਤੇ ਕੇਂਦਰਿਤ ਸੈਸ਼ਨ ਵਿੱਚ ਭਾਗ ਲਿਆ। ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣਾ ਮੁੱਖ ਟੀਚਾ ਮਿਥਿਆ ਗਿਆ ਹੈ। ਇਹ ਪ੍ਰਾਜੈਕਟ 15 ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਪਛਾਣ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਸਸੀਈਆਰਟੀ) ਇੱਥੇ ਕਾਲਕਾਜੀ ਦੇ ਇੱਕ ਸਰਕਾਰੀ ਸਕੂਲ ਵਿੱਚ ‘ਪ੍ਰਾਜੈਕਟ ਅਭਿਸ਼ਿਕਤ’ ਦੇ ਹਿੱਸੇ ਵਜੋਂ 104 ਅਧਿਆਪਕਾਂ ਨੂੰ ਸਿਖਲਾਈ ਦੇ ਰਹੀ ਹੈ। ਪ੍ਰਾਜੈਕਟ ਦਾ ਉਦੇਸ਼ ਪ੍ਰਤਿਭਾਸ਼ਾਲੀ ਸਿਖਿਆਰਥੀਆਂ ਦੀ ਪਛਾਣ ਕਰਨਾ, ਇੱਕ ਵਿਸ਼ੇਸ਼ ਪਾਠਕ੍ਰਮ ਤਿਆਰ ਕਰਨ ਲਈ ਮਾਹਿਰ ਸਿੱਖਿਅਕਾਂ ਦੀ ਚੋਣ ਕਰਨਾ, ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਾਰੀਆਂ ਸਹੁੂਲਤਾਂ ਮਿਲਣਾ ਯਕੀਨੀ ਬਣਾਉਣਾ ਹੈ। ਅਧਿਕਾਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਉਦੇਸ਼ ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਅਣਵਰਤੀ ਸਮਰੱਥਾ ਦਾ ਪਤਾ ਲਗਾਉਣਾ ਹੈ। ਅਧਿਕਾਰੀਆਂ ਨੇ ਕਿਹਾ ਕਿ ਆਮ ਤੌਰ ’ਤੇ ਅਧਿਆਪਕ ਉਨ੍ਹਾਂ ਵਿਦਿਆਰਥੀਆਂ ਉੱਤੇ ਧਿਆਨ ਕੇਂਦਰਿਤ ਕਰਦੇ ਹਨ ਜੋ ਪੜ੍ਹਾਈ ਵਿਚ ਕਮਜ਼ੋਰ ਹਨ ਅਤੇ ਇਸ ਨਾਲ ਕਈ ਵਾਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀਆਂ ਯੋਗਤਾਵਾਂ ਨਜ਼ਰਅੰਦਾਜ਼ ਹੋ ਜਾਂਦੀਆਂ ਹਨ।