ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਓਂਕਾਰ ਸਿੰਘ ਰਾਜਾ ਤੇ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਮਨਜੀਤ ਸਿੰਘ ਜੀਕੇ ਨੇ ਦਿੱਲੀ-ਕੱਟੜਾ ਐਕਸਪ੍ਰੈੱਸ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕੀਤੇ ਜਾਣ ਦੇ ਮਾਮਲੇ ’ਤੇ ਭਾਜਪਾ ਦਾ ਧੰਨਵਾਦ ਕਰਨ ਦੇ ਨਾਲ ਨਾਲ ਉਸਦੇ ਪੈਰ ਫੜ ਲਏ ਹਨ ਕਿਉਂਕਿ ਉਹ ਆਪਣੇ ਖਿਲਾਫ਼ ਦਰਜ ਹੋਏ ਗੋਲਕ ਚੋਰੀ ਦੇ ਕੇਸਾਂ ਤੋਂ ਬਚਣਾ ਚਾਹੁੰਦੇ ਹਨ। ਉਪਰੋਕਤ ਮੈਂਬਰਾਂ ਨੇ ਕਿਹਾ ਕਿ ਸਾਰੀ ਦੁਨੀਆਂ ਜਾਣਦੀ ਹੈ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਵਿਚ ਅੰਮ੍ਰਿਤਸਰ ਨੂੰ ਸ਼ਾਮਲ ਕਰਵਾਉਣ ਲਈ ਮੁੱਖ ਭੂਮਿਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਿਭਾਈ ਹੈ, ਜਿਨ੍ਹਾਂ ਨੇ ਸਰਕਾਰ ’ਚ ਹੁੰਦਿਆਂ ਵੀ ਲਗਾਤਾਰ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਬਤਾ ਬਣਾ ਕੇ ਰੱਖਿਆ। ਇਨ੍ਹਾਂ ਮੈਂਬਰਾਂ ਨੇ ਕਿਹਾ ਕਿ ਜੀਕੇ ਦਾ ਗੋਲਕ ਚੋਰੀ ਕੇਸਾਂ ਤੋਂ ਛੁਟਕਾਰਾ ਹੋਣਾ ਸੰਭਵ ਨਹੀਂ ਹੈ ਕਿਉਂਕਿ ਪੁਖ਼ਤਾ ਸਬੂਤ ਮੌਜੂਦ ਹਨ।